ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਬੂਟ, ਜਰਸੀਆਂ ਅਤੇ ਜੁਰਾਬਾਂ ਦਾ ਕੀਤੀ ਵੰਡ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫਿਰੋਜ਼ਪੁਰ
ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਬੂਟ, ਜਰਸੀਆਂ ਅਤੇ ਜੁਰਾਬਾਂ ਦਾ ਕੀਤੀ ਵੰਡ
ਡੀ.ਸੀ. ਨੇ ਸਵੇਰਾ ਸਪੈਸ਼ਲ ਰਿਸੋਰਸ ਸੈਂਟਰ ਦੇ ਵਿਸ਼ੇਸ ਜ਼ਰੂਰਤਾਂ ਵਾਲੇ ਬੱਚਿਆਂ ਨਾਲ ਮਨਾਈ ਲੋਹੜੀ
ਫਿਰੋਜ਼ਪੁਰ, 13 ਜਨਵਰੀ 2025.
ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਵਿੱਚ ਕੋਈ ਨਾ ਕੋਈ ਵਿਸ਼ੇਸ਼ ਗੁਣ ਜ਼ਰੂਰ ਹੁੰਦਾ ਹੈ ਜਿਸ ਨੂੰ ਨਿਖਾਰਨ ਲਈ ਉਪਰਾਲੇ ਕਰਨ ਦੀ ਲੋੜ ਹੁੰਦੀ ਹੈ। ਇਨ੍ਹਾਂ ਨੂੰ ਸਮਾਜ ਵਿੱਚ ਵਧੇਰੇ ਪਿਆਰ ਅਤੇ ਅਪਣੱਤ ਦੀ ਲੋੜ ਹੁੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਵੇਰਾ ਸਪੈਸ਼ਲ ਰਿਸੋਰਸ ਸੈਂਟਰ ਫਿਰੋਜ਼ਪੁਰ ਵਿਖੇ ਪਹੁੰਚ ਕੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਬੂਟ, ਜਰਸੀਆਂ ਅਤੇ ਜੁਰਾਬਾਂ ਦੀ ਵੰਡ ਮੌਕੇ ਕੀਤਾ। ਇਸ ਮੌਕੇ ਐਸ.ਡੀ.ਐਮ. ਫਿਰੋਜ਼ਪੁਰ ਦੀਵਿਆ ਪੀ. ਵੀ ਹਾਜ਼ਰ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਮਿਲਣ ਵਾਲੀਆਂ ਸਰਕਾਰੀ ਸਕੀਮਾਂ ਦਾ ਲਾਭ ਪਹਿਲ ਦੇ ਆਧਾਰ ਤੇ ਦਿੱਤਾ ਜਾਵੇਗਾ। ਇਨ੍ਹਾਂ ਬੱਚਿਆਂ ਦੀ ਪੜ੍ਹਾਈ, ਸਵੈ ਰੋਜ਼ਗਾਰ ਆਦਿ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਹਰ ਸੰਭਵ ਉਪਰਾਲਾ ਕੀਤਾ ਜਾਵਗਾ। ਉਨ੍ਹਾਂ ਇਨ੍ਹਾਂ ਬੱਚਿਆਂ ਦੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਆਤਮ ਨਿਰਭਰ ਬਣਾਉਣ ਲਈ ਕਿੱਤਾ ਸਿਖਲਾਈ ਵਿੱਚ ਵੀ ਮੁਹਾਰਤ ਹਾਸਲ ਕਰਵਾਈ ਜਾ ਰਹੀ ਹੈ ਤਾਂ ਜੋ ਬੱਚੇ ਖੁਦ ਕੰਮ ਕਰਕੇ ਆਤਮ ਨਿਰਭਰ ਬਣ ਸਕਣ। ਉਨ੍ਹਾਂ ਕਿਹਾ ਕਿ ਅੱਜ ਇਕੇਹਰੀ ਵਰਤੋਂ ਵਾਲੇ ਡੋਨੇ ਬਣਾਉਣ ਵਾਲੀ ਮਸ਼ੀਨ ਦਾ ਵੀ ਉਦਘਾਟਨ ਕੀਤਾ ਗਿਆ ਹੈ ਜਿਸ ਨਾਲ ਬੱਚਿਆਂ ਨੂੰ ਡੋਨੇ ਬਣਾਉਣ ਦੀ ਸਿਖਲਾਈ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਬੱਚਿਆਂ ਨਾਲ ਲੋਹੜੀ ਵੀ ਮਨਾਈ ਅਤੇ ਉਨ੍ਹਾਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਕਵਿਤਾ ਗਇਨ, ਭੰਗੜੇ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਵੀ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸੁਨੀਤਾ ਰਾਣੀ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਡਾ. ਸਤਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੋਮਲ ਅਰੋੜਾ, ਸ੍ਰੀਮਤੀ ਸ਼ੈਲੀ ਕੰਬੋਜ਼ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।