'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਕਾਰਵਾਇਆ ਗਿਆ ਪ੍ਰਣ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਕਾਰਵਾਇਆ ਗਿਆ ਪ੍ਰਣ
ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ
ਫ਼ਿਰੋਜ਼ਪੁਰ, 3 ਅਪ੍ਰੈਲ :
ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਦੇ ਖਿਲਾਫ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ (ਆਈ.ਏ.ਐਸ) ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਰਕਾਰੀ ਹਾਈ ਸਕੂਲ ਭੰਗਾਲੀ ਨਰਾਇਣਗੜ੍ਹ, ਸਰਕਾਰੀ ਹਾਈ ਸਕੂਲ ਹਰਾਜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਗਏ।
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਮੁਨੀਲਾ ਅਰੋੜਾ ਨੇ ਦੱਸਿਆ ਕਿ ਅਸ਼ਵਿੰਦਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਕੂਲਾਂ ਵਿੱਚ ਨਸ਼ਿਆਂ ਖਿਲਾਫ਼ ਬੱਚਿਆਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਗਤੀਵਿਧੀਆਂ ਕਾਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਵਿੱਚ ਭਾਸ਼ਣ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ, ਕਵਿਤਾ ਗਾਇਨ ਮੁਕਾਬਲੇ ਆਦਿ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਪ੍ਰਣ ਵੀ ਕਰਵਾਇਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਅਧਿਆਪਕਾਂ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਵੱਖ ਵੱਖ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਹਰ ਰੋਜ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਪ੍ਰਣ ਕਰਵਾਇਆ ਜਾਂਦਾ ਹੈ ਅਤੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ।