ਮੋਗਾ ਵਿਖੇ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ
ਮੋਗਾ ਵਿਖੇ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਸੂਬੇ ਵਿੱਚ ਅਮਨ ਅਤੇ ਸ਼ਾਂਤੀ ਦੇ ਮਾਹੌਲ ਲਈ ਪੰਜਾਬ ਪੁਲਿਸ ਦੇ ਸ਼ਹੀਦਾਂ ਦਾ ਵੱਡਾ ਯੋਗਦਾਨ - ਜ਼ਿਲ੍ਹਾ ਪੁਲਿਸ ਮੁਖੀ
- ਕਿਹਾ! ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਮੋਗਾ ਪੁਲਿਸ ਹਮੇਸ਼ਾਂ ਤਤਪਰ
ਮੋਗਾ, 21 ਅਕਤੂਬਰ-
ਸ਼੍ਰੀ ਅਜੈ ਗਾਂਧੀ, ਜ਼ਿਲ੍ਹਾ ਪੁਲਿਸ ਮੁੱਖੀ ਮੋਗਾ ਨੇ ਕਿਹਾ ਕਿ ਸੂਬਾ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੇ ਮਾਹੌਲ ਲਈ ਪੰਜਾਬ ਪੁਲਿਸ ਦੇ ਸ਼ਹੀਦਾਂ ਦਾ ਸਭ ਤੋਂ ਵੱਡਾ ਵੱਡਾ ਯੋਗਦਾਨ ਹੈ। ਯੋਗਦਾਨ ਪਾਉਣ ਵਾਲੇ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਇਹਨਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ।
ਸ਼੍ਰੀ ਅਜੈ ਗਾਂਧੀ, ਅੱਜ ਸਥਾਨਕ ਪੁਲਿਸ ਲਾਈਨ ਵਿਖੇ ਆਯੋਜਿਤ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਵੱਖ-ਵੱਖ ਹਮਲਿਆਂ ਵਿੱਚ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿਚ ਪੁਲਿਸ ਅਤੇ ਦੂਸਰੀਆਂ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਅਡੈਸ਼ੀਨਲ ਸ਼ੈਸ਼ਨ ਜੱਜ ਸ੍ਰੀ ਸੰਜੀਵ ਕੁੰਦੀ, ਕਪਤਾਨ ਪੁਲਿਸ ਹੈਡਕੁਆਰਟਰ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ, ਸਮੂਹ ਡੀ.ਐਸ.ਪੀਜ਼, ਸਮੂਹ ਐਸ.ਐਚ.ਓਜ਼, ਐਨ.ਜੀ.ਓਜ਼ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਬਰਾਂ ਵੱਲੋ ਸ਼ਹੀਦਾਂ ਦੀਆਂ ਫੋਟੋਆਂ ਤੇ ਫੁੱਲਮਾਲਾਵਾਂ ਭੇਂਟ ਕੀਤੀਆਂ।
ਸ਼੍ਰੀ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ ਧਰਮਕੋਟ ਵੱਲੋਂ ਪੁਲਿਸ ਦੀ ਟੁਕੜੀ ਸਮੇਤ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਸ਼੍ਰੀ ਦਲਬੀਰ ਸਿੰਘ ਉਪ ਕਪਤਾਨ ਪੁਲਿਸ ਸਬ-ਡਵੀਜਨ ਬਾਘਾ-ਪੁਰਾਣਾ ਵੱਲੋਂ ਪਿਛਲੇ ਇੱਕ ਸਾਲ ਦੇ ਦੌਰਾਨ ਦੇਸ਼ ਭਰ ਵਿੱਚ ਸ਼ਹੀਦ ਹੋਏ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੇ ਅਧਿਕਾਰੀਆਂ/ਕਰਮਚਾਰੀਆਂ ਦਾ ਨਾਮ ਪੜਕੇ ਉਹਨਾਂ ਨੂੰ ਯਾਦ ਕੀਤਾ ਗਿਆ।
ਸ਼੍ਰੀ ਅਜੈ ਗਾਂਧੀ ਨੇ ਕਿਹਾ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਹਨਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਹਨਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀ 'ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ 'ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨ੍ਹਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। ਉਹਨਾ ਕਿਹਾ ਕਿ 21 ਅਕਤੂਬਰ, 1960 ਤੋਂ ਲਗਾਤਾਰ ਦੇਸ਼ ਭਰ ਵਿਚ ਇਹਨਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਹਨਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ।
ਐਸ ਐਸ ਪੀ ਨੇ ਕਿਹਾ ਕਿ ਅੱਤਵਾਦ ਦੌਰਾਨ ਮੋਗਾ ਪੁਲਿਸ ਦੇ 39 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਪਰਿਵਾਰ ਮੋਗਾ ਵਿਖੇ ਰਹਿ ਰਹੇ ਹਨ, ਜ਼ਿਲ੍ਹਾ ਪੁਲਿਸ ਹਮੇਸ਼ਾਂ ਉਹਨਾਂ ਨਾਲ ਖੜ੍ਹੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਂਦੀਆਂ ਹਨ। ਉਹਨਾਂ ਇਹਨਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਮੋਗਾ ਪੁਲਿਸ ਵੱਲੋ ਹਰ ਕਦਮ 'ਤੇ ਉਹਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਮੋਗਾ ਪੁਲਿਸ ਹਮੇਸ਼ਾਂ ਤਤਪਰ ਹੈ। ਇਸ ਉਪਰੰਤ ਜ਼ਿਲ੍ਹਾ ਪੁਲਿਸ ਮੁੱਖੀ ਤੋਂ ਇਲਾਵਾ ਸਾਰੇ ਪੁਲਿਸ ਅਫ਼ਸਰਾਂ, ਐਸ.ਐਚ.ਓਜ਼, ਜਵਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਤਿਆਰ ਕੀਤੇ ਸ਼ਹੀਦੀ ਸਮਾਰਕ 'ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਸ਼ਹੀਦ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਸਮਾਰੋਹ ਦਾ ਸਟੇਜ ਸੰਚਾਲਨ ਸ਼੍ਰੀ ਐਸ.ਕੇ. ਬਾਂਸਲ ਵੱਲੋਂ ਨਿਭਾਇਆਗਿਆ।
---ਸੰਬੰਧਤ ਤਸਵੀਰਾਂ ਵੀ ਨਾਲ ਲਗਾ ਦਿੱਤੀਆਂ ਹਨ ਜੀ---