ਸ਼ਨੀਵਾਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਇਸ ਸਾਲ ਦੇ ਝੋਨੇ ਦੇ ਸੰਭਾਵੀ ਟੀਚੇ ਦੀ 88 ਫੀਸਦੀ ਆਮਦ ਹੋਈ
ਸ਼ਨੀਵਾਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਇਸ ਸਾਲ ਦੇ ਝੋਨੇ ਦੇ ਸੰਭਾਵੀ ਟੀਚੇ ਦੀ 88 ਫੀਸਦੀ ਆਮਦ ਹੋਈ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 96910 ਮੀਟਰਿਕ ਟਨ ਝੋਨੇ ਦੀ ਚੁਕਾਈ ਹੋਈ
ਕਿਸਾਨਾਂ ਨੂੰ ਹੁਣ ਤੱਕ 418.99 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਨਵੰਬਰ, 2024:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ 18 ਮੰਡੀਆਂ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਕਾਰਜ ਮੁਕੰਮਲ ਹੋਣ ਵੱਲ ਵਧ ਰਹੇ ਹਨ। ਸ਼ਨੀਵਾਰ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ ਇਸ ਸਾਲ ਦੇ ਸੰਭਾਵੀ ਆਮਦ ਟੀਚੇ ਦਾ 88 ਫੀਸਦੀ ਝੋਨਾ ਖਰੀਦਿਆ ਜਾ ਚੁੱਕਾ ਹੈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਨੁਸਾਰ ਝੋਨੇ ਦਾ ਖਰੀਦ ਸੀਜ਼ਨ ਆਪਣੀ ਸੰਪੂਰਨਤਾ ਵੱਲ ਵਧਣ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਦੀ ਰਫਤਾਰ ਵੀ ਮੱਠੀ ਹੁੰਦੀ ਜਾ ਰਹੀ ਹੈ। ਸ਼ਨੀਵਾਰ ਨੂੰ ਝੋਨੇ ਦੀ ਆਮਦ 2941 ਮੀਟਰਿਕ ਟਨ ਹੀ ਦਰਜ ਕੀਤੀ ਗਈ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਨੁਸਾਰ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,88,017 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਖਰੀਦ ਕੀਤੇ ਗਏ ਝੋਨੇ ਵਿੱਚੋਂ 96,910 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਖਰੀਦ ਕਾਰਜ ਨਿਰਵਿਘਨ ਚੱਲ ਰਹੇ ਹਨ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ।
ਡਿਪਟੀ ਕਮਿਸ਼ਨਰ ਅਨੁਸਾਰ ਜ਼ਿਲ੍ਹੇ ਵਿੱਚ ਹੁਣ ਤੱਕ ਕਿਸਾਨਾਂ ਨੂੰ 418.99 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸੰਭਾਵੀ ਉਪਜ ਦੀ ਆਮਦ 2,14,776 ਮੀਟਰਿਕ ਟਨ ਕਿਆਸ ਕੀਤੀ ਗਈ ਹੈ, ਜਿਸ ਵਿੱਚੋਂ 88 ਫੀਸਦੀ ਦੀ ਆਮਦ ਹੋਣ ਉਪਰੰਤ 12 ਫੀਸਦੀ ਦੀ ਆਮਦ ਹੀ ਬਾਕੀ ਬਚੀ ਹੈ।
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਏਜੰਸੀ ਵਾਰ ਖਰੀਦ ਅੰਕੜਿਆਂ ਦਾ ਵੇਰਵਾ ਦਿੰਦਿਆਂ ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 64, 241 ਮੀਟਰਿਕ ਟਨ, ਮਾਰਕਫੈਡ ਵੱਲੋਂ 42,724 ਮੀਟਰਿਕ ਟਨ, ਪਨਸਪ ਵੱਲੋਂ 40,599 ਮੀਟਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 18,130 ਮੀਟਰਿਕ ਟਨ ਅਤੇ ਭਾਰਤੀ ਖੁਰਾਕ ਨਿਗਮ ਵੱਲੋਂ 21,646 ਮੀਟਰਿਕ ਟਨ ਝੋਨਾ ਖਰੀਦਿਆ ਗਿਆ ਹੈ। ਪ੍ਰਾਈਵੇਟ ਵਪਾਰੀਆਂ ਵੱਲੋਂ 677 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।