'ਬਾਬਾ ਸਾਹਿਬ ਦੇ ਸਮਾਨਤਾ ਆਧਾਰਿਤ ਸਮਾਜ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ ਪੰਜਾਬ ਸਰਕਾਰ'
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ
'ਬਾਬਾ ਸਾਹਿਬ ਦੇ ਸਮਾਨਤਾ ਆਧਾਰਿਤ ਸਮਾਜ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ ਪੰਜਾਬ ਸਰਕਾਰ'
-ਡਾ. ਅੰਬੇਡਕਰ ਦੇ ਜਨਮ ਦਿਵਸ ਮੌਕੇ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ
ਨਵਾਂਸ਼ਹਿਰ, 14 ਅਪ੍ਰੈਲ :
- ਵਿਸ਼ਵ ਦੇ ਮਹਾਨ ਦਾਰਸ਼ਨਿਕ, ਅਰਥਸ਼ਾਸਤਰੀ, ਸਮਾਜ ਸੁਧਾਰਕ, ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੀ ਅਗਵਾਈ ਹੇਠ ਡੀ. ਏ. ਐਨ ਕਾਲਜ ਆਫ ਐਜੂਕੇਸ਼ਨ ਫਾਰ ਵਿਮਨ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਵਿਧਾਇਕ ਬੰਗਾ ਅਤੇ ਪੰਜਾਬ ਕੰਟੇਨਰ ਤੇ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਸੁਖਵਿੰਦਰ ਕੁਮਾਰ ਸੁੱਖੀ, ਵਿਧਾਇਕ ਨਵਾਂਸ਼ਹਿਰ ਡਾ ਨਛੱਤਰ ਪਾਲ, ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ ਬੱਲੂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਬਲਵਿੰਦਰ ਕੌਰ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਬਾਬਾ ਸਾਹਿਬ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸਮਾਨਤਾ ਦੇ ਸਿਧਾਂਤ ਦੀ ਵਿਆਖਿਆ ਕਰਦਿਆਂ ਉਨਾਂ ਨੂੰ ਇਕ ਯੁੱਗ ਪਲਟਾਊ ਇਨਸਾਨ ਦੱਸਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕੈਬਨਿਟ ਵਿਚ 6 ਅਨੁਸੂਚਿਤ ਜਾਤੀਆਂ ਦੇ ਨਾਲ ਸਬੰਧਤ ਮੰਤਰੀ ਬਣਾ ਕੇ ਅਤੇ ਐਡਵੋਕੇਟ ਜਨਰਲ ਦਫ਼ਤਰ ਵਿਚ ਪਹਿਲੀ ਵਾਰ ਰਾਖਵਾਂਕਰਨ ਕਰਕੇ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਪਨੇ ਨੂੰ ਸਹੀ ਮਾਅਨਿਆਂ ਵਿਚ ਸਾਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਬਾ ਸਾਹਿਬ ਦਾ ਜਨਮ ਦਿਵਸ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਮਨਾਇਆ ਗਿਆ ਹੈ, ਤਾਂ ਜੋ ਬਾਬਾ ਸਾਹਿਬ ਦੇ ਵਿਚਾਰਾਂ ਨੂੰ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਤੱਕ ਪਹੁੰਚਾਇਆ ਜਾ ਸਕੇ। ਇਸੇ ਤਰ੍ਹਾਂ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਐਸ. ਸੀ ਸਕਾਲਰਸ਼ਿਪ ਮੁਹੱਈਆ ਕਰਵਾਉਣਾ ਵੀ ਹੋਰ ਸੁਖਾਲ਼ਾ ਕਰ ਦਿੱਤਾ ਹੈ, ਤਾਂ ਜੋ ਹਰੇਕ ਲੋੜਵੰਦ ਵਿਦਿਆਰਥੀ ਉਚੇਰੀ ਸਿੱਖਿਆ ਤੋ ਵਾਂਝਾ ਨਾ ਰਹਿ ਸਕੇ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਅੱਜ ਪਹਿਲੀ ਵਾਰ ਹੋਇਆ ਹੈ ਕਿ ਹਰ ਨਾਗਰਿਕ ਬਾਬਾ ਸਾਹਿਬ ਦੇ ਜਨਮ ਦਿਵਸ ਨੂੰ ਮਨਾ ਰਿਹਾ ਹੈ, ਜਿਨ੍ਹਾਂ ਦਾ ਜੀਵਨ ਸਮਾਨਤਾ, ਨਿਆਂ, ਲੋੜਵੰਦ ਲੋਕਾਂ ਦੇ ਅਧਿਕਾਰਾਂ, ਛੂਆਛੂਤ ਅਤੇ ਜਾਤੀ ਪ੍ਰਥਾ ਦੇ ਖਿਲਾਫ਼ ਜੰਗ ਲਈ ਸਮਰਪਿਤ ਸੀ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਸਾਨੂੰ ਸਰਬੋਤਮ ਸੰਵਿਧਾਨ ਲਿਖ ਕੇ ਦਿੱਤਾ ਹੈ ਅਤੇ ਹੁਣ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਇਸ ਸੰਵਿਧਾਨ ਵਿਚ ਮਿਲੇ ਅਧਿਕਾਰਾਂ ਅਤੇ ਫਰਜ਼ਾਂ ਨੂੰ ਤਨਦੇਹੀ ਨਾਲ ਮੰਨ ਕੇ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਦੱਬੇ-ਕੁਚਲੇ ਲੋਕਾਂ ਅਤੇ ਔਰਤਾਂ ਨੂੰ ਬਰਾਬਰੀ ਅਤੇ ਤਰੱਕੀ ਦੇ ਹੱਕ ਦਿਵਾਏ। ਉਨ੍ਹਾਂ ਬੱਚਿਆਂ ਨੂੰ ਵੀ ਪੜ੍ਹ-ਲਿਖ ਕੇ ਉੱਚ ਮੁਕਾਮ ਹਾਸਲ ਕਰਨ ਦਾ ਸੱਦਾ ਦਿੱਤਾ।
ਇਸ ਦੌਰਾਨ ਲੈਮਰਿਨ ਟੈੱਕ ਸਕਿਲ ਯੂਨੀਵਰਸਿਟੀ ਦੇ ਡਿਪਟੀ ਡਾਇਰੈਕਟਰ (ਆਈ.ਟੀ) ਗੁਰਪ੍ਰੀਤ ਸਿੰਘ ਸੈਣੀ ਵੱਲੋਂ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਹੋਰਨਾਂ ਭਲਾਈ ਸਕੀਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀਆਂ ਭਲਾਈ ਸਕੀਮਾਂ ਬਾਰੇ ਕਿਤਾਬਚਾ ਵੀ ਜਾਰੀ ਕੀਤਾ ਗਿਆ। ਬਾਬਾ ਗੋਲਾ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੀਆਂ ਵਿਦਿਆਰਥਣਾਂ ਵੱਲੋਂ ਕੋਰੀਓਗ੍ਰਾਫੀ 'ਸਾਡੇ ਅਧਿਕਾਰ' ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ ਜਦਕਿ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ ਨਾਲ ਸਮਾਗਮ ਸੰਪੂਰਨ ਹੋਇਆ।
- ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ, ਸੀ. ਐਮ ਫੀਲਡ ਅਫ਼ਸਰ ਜਗਦੀਪ ਸਿੰਘ, ਤਹਿਸੀਲ ਭਲਾਈ ਅਫ਼ਸਰ ਸ਼ੁਭਮ ਪੰਕਜ, ਵਿਜੇ ਕੁਮਾਰ, ਸੁਖਵਿੰਦਰ, ਪਰਮਪ੍ਰੀਤ, ਕਾਲਜ ਸਟਾਫ, ਵਿਦਿਆਰਥੀ ਅਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। ਮੰਚ ਸੰਚਾਲਨ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੇ ਚੇਅਰਪਰਸਨ ਮੈਡਮ ਸੋਨੀਆ ਅੰਗਰਿਸ਼ ਵੱਲੋਂ ਬਾਖੂਬੀ ਕੀਤਾ ਗਿਆ।
ਕੈਪਸ਼ਨਾਂ :
- -ਸਮਾਗਮ ਮੌਕੇ ਭਲਾਈ ਸਕੀਮਾਂ ਬਾਰੇ ਕਿਤਾਬਚਾ ਜਾਰੀ ਕਰਦੇ ਹੋਏ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ, ਵਿਧਾਇਕ ਨਵਾਂਸ਼ਹਿਰ ਡਾ ਨਛੱਤਰ ਪਾਲ, ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਤੇ ਹੋਰ ਸ਼ਖ਼ਸੀਅਤਾਂ।
-ਸਮਾਗਮ ਮੌਕੇ ਵੱਖ-ਵੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼।
-ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਪੇਸ਼ ਕੀਤੀ ਕੋਰੀਓਗ੍ਰਾਫੀ ਦਾ ਦ੍ਰਿਸ਼।