ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਹੋਈ ਪੂਰੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਲੇਰਕੋਟਲਾ
ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਹੋਈ ਪੂਰੀ
ਜ਼ਿਲ੍ਹੇ ਮਾਲੇਰਕੋਟਲਾ 545 ਆਂਗਨਵਾੜੀ ਸੈਂਟਰਾਂ ਦਾ ਮਿਲਿਆ ਡਾਟਾ ਪੈਕੇਜ : ਗਗਨਦੀਪ ਸਿੰਘ
-ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਐਪ ਖ਼ਾਤਰ ਮਿਲੇਗਾ ਪ੍ਰਤੀ ਸਾਲ 2 ਹਜ਼ਾਰ ਰੁਪਏ ਦਾ ਮੋਬਾਈਲ ਡੇਟਾ ਪੈਕੇਜ
- ਪੰਜਾਬ ਸਰਕਾਰ ਵੱਲੋਂ ਪੋਸ਼ਣ ਅਭਿਆਨ ਨੂੰ ਪਾਰਦਰਸ਼ਤਾ ਨਾਲ ਲਾਗੂ ਕਰਨ ਲਈ ਜਾਰੀ ਕੀਤੇ ਗਏ ਆਦੇਸ਼
ਮਾਲੇਰਕੋਟਲਾ 02 ਜੂਨ :
ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ ਦੇ ਰਿਕਾਰਡ ਵਾਸਤੇ ਅਤੇ ਇਸ ਅਭਿਆਨ ਦੇ ਜ਼ਮੀਨੀ ਪੱਧਰ ’ਤੇ ਨਿਰੀਖਣ ਲਈ ਪਿਛਲੇ ਸਮੇਂ ‘ਪੋਸ਼ਣ ਟਰੈਕਰ’ ਮੋਬਾਈਲ ਐਪ ਜਾਰੀ ਕੀਤੀ ਸੀ, ਜਿਸ ਨੂੰ ਚਲਾਉਣ ਵਾਸਤੇ ਆਂਗਣਵਾੜੀ ਵਰਕਰਾਂ ਨੂੰ ਪਹਿਲਾ ਮੋਬਾਈਲ ਡੇਟਾ ਪੈਕੇਜ ਖੁਦ ਲੈਣਾ ਪੈਂਦਾ ਸੀ। ਆਂਗਨਵਾੜੀ ਵਰਕਰਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਹਰੇਕ ਆਂਗਨਵਾੜੀ ਕੇਂਦਰ ਨੂੰ 2 ਹਜ਼ਾਰ ਰੁਪਏ ਪ੍ਰਤੀ ਸਾਲ ਮੋਬਾਇਲ ਡਾਟਾ ਪੈਕੇਜ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਆਂਗਨਵਾੜੀ ਵਰਕਰਾਂ ਨੂੰ ਆਪਣੇ ਪੱਲ੍ਹਿਓ ਪੈਸੇ ਨਾ ਖਰਚਣੇ ਪੈਣ।
ਇਸ ਗੱਲ ਦੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਾਲੇਰਕੋਟਲਾ ਸ੍ਰੀ ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਡੇਟਾ ਪੈਕੇਜ ਦੀ ਵੰਡ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਿਸ ਨਾਲ ਜ਼ਿਲ੍ਹੇ ਦੀਆਂ 545 ਆਂਗਣਵਾੜੀਆਂ ਦੇ ਆਂਗਣਵਾੜੀ ਵਰਕਰਾਂ ਨੂੰ ਆਪਣੇ ਸਮਾਰਟਫ਼ੋਨ ਰਾਹੀਂ ਪੋਸ਼ਨ ਟਰੈਕਰ ਦੀ ਬਿਹਤਰ ਵਰਤੋਂ ਕਰਨ ਦੇ ਯੋਗ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀ ਇਸ ਖੇਤਰ ਵਿੱਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਕ੍ਰਮਵਾਰ 500 ਰੁਪਏ ਅਤੇ 250 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਾਈ ਜਾਂਦੀ ਹੈ ਤਾਂ ਜੋ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ। ਇਸ ਅਭਿਆਨ ਨੂੰ ਜ਼ਮੀਨੀ ਪੱਧਰ ’ਤੇ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਇਸ ਐਪ ’ਤੇ ਅਪਲੋਡ ਕਰ ਸਕਣ ਤੇ ਹੁਣ ਸਮਰਪਿਤ ਡੇਟਾ ਪੈਕੇਜ ਆਂਗਣਵਾੜੀ ਵਰਕਰਾਂ ਨੂੰ ਮਿਲਣ ਨਾਲ ਇਸ ਅਭਿਆਨ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।