10 ਅਪ੍ਰੈਲ ਨੂੰ ਜ਼ਿਲ੍ਹੇ ਅੰਦਰ ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨੇ ਬੰਦ ਰੱਖਣ ਦੇ ਹੁਕਮ ਜਾਰੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ
10 ਅਪ੍ਰੈਲ ਨੂੰ ਜ਼ਿਲ੍ਹੇ ਅੰਦਰ ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨੇ ਬੰਦ ਰੱਖਣ ਦੇ ਹੁਕਮ ਜਾਰੀ
ਨਵਾਂਸ਼ਹਿਰ, 8 ਅਪ੍ਰੈਲ :
ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ ਨੇ ਪ੍ਰਧਾਨ, ਐਸ.ਐਸ. ਜੈਨ ਸਭਾ (ਰਜਿ.), ਨਵਾਂਸ਼ਹਿਰ ਦੇ ਪੱਤਰ ਦੇ ਸਨਮੁੱਖ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 10 ਅਪ੍ਰੈਲ 2025 ਨੂੰ ਭਗਵਾਨ ਮਹਾਂਵੀਰ ਜੈਅੰਤੀ ਦੇ ਤਿਉਹਾਰ ਦੇ ਮੌਕੇ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਹੁਕਮ ਨੂੰ ਲਾਗੂ ਕਰਨ ਲਈ ਸੀਨੀਅਰ ਪੁਲਿਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ ਅਤੇ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿੰਮੇਵਾਰ ਹੋਣਗੇ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਪ੍ਰਧਾਨ, ਐਸ.ਐਸ. ਜੈਨ ਸਭਾ (ਰਜਿ.), ਨਵਾਂਸ਼ਹਿਰ ਵੱਲੋਂ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਪੂਰੇ ਦੇਸ਼ ਵਿਚ ਜੈਨ ਸਮਾਜ ਵੱਲੋਂ 10 ਅਪ੍ਰੈਲ 2025, ਦਿਨ ਵੀਰਵਾਰ ਨੂੰ ਅਹਿੰਸਾ ਦੇ ਅਵਤਾਰ ਭਗਵਾਨ ਮਹਾਵੀਰ ਜੀ ਦੀ ਜੈਅੰਤੀ ਮਨਾਈ ਜਾ ਰਹੀ ਹੈ। ਇਹ ਦਿਨ ਸਾਰੇ ਦੇਸ਼ ਵਿਚ ਅਹਿੰਸਾ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ। ਸੋ ਜੈਨ ਸਮਾਜ ਵੱਲੋਂ ਬੇਨਤੀ ਕੀਤੀ ਗਈ ਹੈ ਕਿ ਇਸ ਦਿਨ (ਮਿਤੀ 10.04.2025) ਨੂੰ ਪੂਰੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਕਰ ਦਿੱਤੇ ਜਾਣ, ਤਾਂ ਕਿ ਇਸ ਦਿਨ ਨੂੰ ਅਹਿੰਸਾ ਦਿਵਸ ਦੇ ਰੂਪ ਵਿਚ ਮਨਾਇਆ ਜਾ ਸਕੇ।
ਫੋਟੋ :
-ਅੰਕੁਰਜੀਤ ਸਿੰਘ, ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ।