ਸਿਹਤ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਸਬੰਧ ਵਿੱਚ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਕਰਕੇ ਨਵ ਜਨਮੀਆਂ ਬੱਚੀਆਂ ਨੂੰ ਕੀਤਾ ਗਿਆ ਸਨਮਾਨਿਤ

ਸਿਹਤ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਸਬੰਧ ਵਿੱਚ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਕਰਕੇ ਨਵ ਜਨਮੀਆਂ ਬੱਚੀਆਂ ਨੂੰ ਕੀਤਾ ਗਿਆ ਸਨਮਾਨਿਤ
ਚੰਗੇ ਸਮਾਜ ਦੀ ਸਿਰਜਨਾ ਲਈ ਲੜਕੀਆਂ ਨੂੰ ਵੀ ਦਿੱਤੇ ਜਾਣ ਲੜਕਿਆਂ ਦੇ ਬਰਾਬਰ ਅਧਿਕਾਰ: ਡਾ ਜਗਦੀਪ ਚਾਵਲਾ ਸਿਵਲ ਸਰਜਨ।
ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਤੋਂ ਘੱਟ ਨਹੀ : ਡਾ ਜਗਦੀਪ ਚਾਵਲਾ ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ, 11 ਫਰਵਰੀ
ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਅਧੀਨ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਕਰਕੇ ਨਵ ਜਨਮੀਆਂ ਬੱਚੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਜਗਦੀਪ ਚਾਵਲਾ ਸਿਵਲ ਸਰਜਨ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।
ਇਸ ਮੌਕੇ ਡਾ. ਜਗਦੀਪ ਚਾਵਲਾ ਨੇ ਬੱਚੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਬੱਚੀਆਂ ਦੀ ਤੰਦਰੁਸਤੀ ਅਤੇ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸਮੇਂ ਉਹਨਾਂ ਕਿਹਾ ਕਿ ਸਾਨੂੰ ਲੜਕੀਆਂ ਅਤੇ ਲੜਕਿਆਂ ਵਿੱਚ ਕੋਈ ਵੀ ਅੰਤਰ ਨਹੀਂ ਸਮਝਣਾ ਚਾਹੀਦਾ। ਲੜਕੀਆਂ ਦਾ ਪਾਲਣ ਪੋਸ਼ਣ ਅਤੇ ਵਿੱਦਿਆ ਲੜਕਿਆ ਦੇ ਬਰਾਬਰ ਹੀ ਕਰਵਾਉਣੀ ਚਾਹੀਦੀ ਹੈ। ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਘੱਟ ਨਹੀਂ ਹਨ ਬਸ਼ਰਤੇ ਕਿ ਉਹਨਾਂ ਨੂੰ ਮੌਕਾ ਦਿੱਤਾ ਜਾਵੇ। ਮਾਪਿਆਂ ਨੂੰ ਲੜਕੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਸੁੰਦਰ ਦੁਨੀਆਂ ਦੇਖਣ ਦਾ ਮੌਕਾ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੀ ਅਨੁਪਾਤ ਵਿੱਚ ਵਾਧਾ ਹੋਇਆ ਹੈ। ਉਨ੍ਹਾ ਕਿਹਾ ਕਿ ਲਿੰਗ ਟੈਸਟ ਕਰਨ ਵਾਲੇ, ਉਕਸਾਉਣ ਵਾਲੇ ਅਤੇ ਗੈਰ ਕਾਨੂੰਨੀ ਗਰਭਪਾਤ ਕਰਨ ਵਾਲੇ ਲੋਕਾਂ ਤੇ ਸਿਹਤ ਵਿਭਾਗ ਵਲੋਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕੋਈ ਵੀ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਂਦੀ ਹੈ।ਜਿਲ੍ਹੇ ਵਿਚ ਕੰਮ ਕਰ ਰਹੇ ਸਾਰੇ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਸਮੇ ਸਮੇ ਤੇ ਸਿਹਤ ਵਿਭਾਗ ਜਾਂਚ ਪੜਤਾਲ ਕੀਤੀ ਜਾਂਦੀ ਹੈ।
ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਲਿੰਗ ਟੈਸਟ ਜਾਂ ਬੱਚੀ ਭਰੂਣ ਹੱਤਿਆ ਕਰਨ ਵਾਲੇ, ਕਰਵਾਉਣ ਵਾਲੇ ਜਾਂ ਇਸ ਵਿੱਚ ਸਹਿਯੋਗ ਦੇਣ ਵਾਲੇ ਵਿਅਕਤੀਆਂ ਸਬੰਧੀ ਸੂਚਨਾ ਦਿੰਦਾ ਹੈ ਅਤੇ ਦੋਸ਼ੀ ਪਕੜੇ ਜਾਂਦੇ ਹਨ ਤਾਂ ਪੰਜਾਬ ਸਰਕਾਰ ਵੱਲੋਂ ਸੂਚਨਾ ਦੇਣ ਵਾਲੇ ਨੂੰ 50 ਹਜ਼ਾਰ ਰੁਪਏ ਇਨਾਮ ਦਿੱਤਾ ਜਾਂਦਾ ਹੈ।
ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਸਾਨੂੰ ਸਮਾਜ ਵਿੱਚੋ ਦਹੇਜ ਵਰਗੀਆਂ ਕੁਰੀਤੀਆਂ ਨੂੰ ਖਤਮ ਕਰਨਾ ਚਾਹੀਦਾ ਹੈ, ਸਾਨੂੰ ਲੜਕਿਆਂ ਨੂੰ ਵੀ ਕੁੜੀਆਂ ਦੀ ਇੱਜ਼ਤ ਕਰਨ ਲਈ ਸਮਝਾਉਣਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਵਲੋਂ ਲੜਕੀਆਂ ਲਈ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ 48 ਨਵ ਜਨਮੀਆਂ ਲੜਕੀਆਂ ਨੂੰ ਗਿਫਟ ਦੇ ਕੇ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਆਸ਼ਾ ਵਰਕਰਜ਼ ਅਤੇ ਬੱਚੀਆਂ ਦੇ ਮਾਪਿਆਂ ਤੋਂ ਇਲਾਵਾ ਡਾ ਕੁਲਤਾਰ ਸਿੰਘ ਐਸ.ਐਮ.ਓ. ਚੱਕਸ਼ੇਰੇਵਾਲਾ, ਡਾ ਰਛਮੀ ਚਾਵਲਾ ਐਸ.ਐਮ.ਓ. ਗਿੱਦੜਬਾਹਾ, ਡਾ ਹਰਿੰਦਰਪਾਲ ਸਿੰਘ ਐਸ.ਐਮ.ਓ. ਲੰਬੀ, ਡਾ ਪ੍ਰਭਜੀਤ ਸਿੰਘ ਗੁਲਾਟੀ ਐਸ.ਐਮ.ਓ. ਬਾਦਲ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸੁਖਪਾਲ ਸਿੰਘ ਮੱਲਣ ਫਾਰਮੇਸੀ ਅਫਸਰ, ਮਜ਼ਵੰਤ ਕੌਰ ਬੀ.ਈ.ਈ, ਰਾਏ ਸਾਹਿਬ ਪੀ.ਐਨ.ਡੀ.ਟੀ. ਕੁਆਰਡੀਨੇਟਰ, ਭੁਪਿੰਦਰ ਸਿੰਘ ਸਟੈਨੋ ਹਾਜ਼ਰ ਸਨ।