ਜਿਲ੍ਹੇ ਅੰਦਰ ਕਿਸਾਨਾਂ ਨੂੰ ਡੀ.ਏ.ਪੀ. ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ
ਜਿਲ੍ਹੇ ਅੰਦਰ ਕਿਸਾਨਾਂ ਨੂੰ ਡੀ.ਏ.ਪੀ. ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ
ਜਿਲੇ ਅੰਦਰ ਹੁਣ ਤੱਕ 25778 ਮੀ. ਟੰਨ ਡੀ.ਏ.ਪੀ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ ਦੀ ਆਮਦ: ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ 13 ਨਵੰਬਰ 2024—
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹੇ ਅੰਦਰ ਡੀ.ਏ.ਪੀ. ਖਾਦ ਦੀ ਕੋਈ ਵੀ ਕਮੀ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਖਾਦ ਵਿਕਰੇਤਾਵਾਂ ਦੀ ਲਗਾਤਾਰ ਚੈਕਿੰਗ ਜਾਰੀ ਰੱਖਣ ਤਾਂ ਜੋ ਕੋਈ ਡੀ.ਏ.ਪੀ. ਦੀ ਸਟੋਰੇਜ ਨਾ ਕਰ ਸਕੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖਾਦ ਜਾਂ ਦਵਾਈ ਖਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਦੁਕਾਨਦਾਰ ਬਿੱਲ ਦੇਣ ਤੋਂ ਇਨਕਾਰੀ ਕਰਦਾ ਹੈ ਤਾਂ ਤੁਰੰਤ ਇਸਦੀ ਸੂਚਨਾ ਸਬੰਧਤ ਖੇਤੀਬਾੜੀ ਅਧਿਕਾਰੀਆਂ ਨੂੰ ਦਿੱਤੀ ਜਾਵੇ ਤਾਂ ਜੋ ਇਨਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਸ. ਤਜਿੰਦਰ ਸਿੰਘ ਨੇ ਦੱਸਿਆ ਕਿ ਹਾੜੀ ਦੀਆਂ ਫਸਲਾਂ ਦੀ ਬਿਜਾਈ ਲਈ ਹੁਣ ਤੱਕ ਜਿਲੇ ਅੰਦਰ 25778 ਮੀ.ਟੰਨ ਡੀ.ਏ.ਪੀ ਅਤੇ ਟ੍ਰਿਪਲ ਸੁਪਰ ਫਾਸਫੇਟ 46% ਖਾਦ ਪ੍ਰਾਪਤ ਹੋਈ ਹੈ ਅਤੇ ਇਸ ਸਮੇਂ ਕਣਕ ਦੀ ਬਿਜਾਈ ਦਾ ਸੀਜਨ ਵੀ ਪੂਰੇ ਜੋਰ ਨਾਲ ਚੱਲ ਰਿਹਾ ਹੈ। ਹੁਣ ਤੱਕ ਲਗਭਗ 68-70% ਰਕਬੇ ਵਿੱਚ ਕਣਕ ਦੀ ਬਿਜਾਈ ਵੀ ਹੋ ਚੁੱਕੀ ਹੈ। ਉਹਨਾ ਦੱਸਿਆ ਕਿ ਕਿਸਾਨਾਂ ਵੱਲੋਂ ਕਣਕ ਦੀ ਬਿਜਾਈ ਲਈ ਡੀ.ਏ.ਪੀ, ਟ੍ਰਿਪਲ ਸੁਪਰ ਫਾਸਫੇਟ 46% ਖਾਦ ਤੋਂ ਇਲਾਵਾ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਸਿੰਗਲ ਸੁਪਰ ਫਾਸਫੇਟ, ਅਮੋਨੀਅਮ ਫਾਸਫੇਟ ਸਲਫੇਟ 20:20:0:13, ਐਨ.ਪੀ.ਕੇ 12:32:16, ਐਨ.ਪੀ.ਕੇ 16:16:16, ਐਨ.ਪੀ.ਕੇ 10:26:26, ਐਨ.ਪੀ.ਕੇ 15:15:15 ਦੀ ਵਰਤੋਂ ਵੀ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਕਿ ਜਿਵੇਂ ਡੀ.ਏ.ਪੀ ਤੋਂ 18% ਨਾਈਟ੍ਰੋਜਨ ਅਤੇ 46% ਫਾਸਫੋਰਸ ਤੱਤ ਦੀ ਪ੍ਰਾਪਤੀ ਹੁੰਦੀ ਹੈ ਇਸੇ ਤਰਾਂ ਇਸਦੇ ਬਦਲ ਵਜੋਂ ਟ੍ਰਿਪਲ ਸੁਪਰ ਫਾਸਫੇਟ ਖਾਦ ਹੈ ਜਿਸ ਵਿਚ 46% ਫਾਸਫੋਰਸ ਤੱਤ ਹੈ। ਜੇਕਰ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਵਰਤੋਂ ਕਣਕ ਦੀ ਬਿਜਾਈ ਲਈ ਕਰਨੀ ਹੋਵੇ ਤਾਂ ਇਸ ਨਾਲ 20 ਕਿਲੋਗ੍ਰਾਮ ਯੂਰੀਆ ਖਾਦ ਪ੍ਰਤੀ ਏਕੜ ਬਿਜਾਈ ਸਮੇਂ ਛੱਟੇ ਨਾਲ ਵਰਤੀ ਜਾ ਸਕਦੀ ਹੈ, ਜਿਸ ਨਾਲ ਡੀ.ਏ.ਪੀ ਖਾਦ ਦੇ ਬਰਾਬਰ ਮਾਤਰਾ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲਾਂ ਵਿੱਚ ਖਾਦਾਂ ਦੀ ਵਰਤੋਂ ਕੇਵਲ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਕੀਤੀ ਜਾਵੇ।