ਸਿਹਤ ਵਿਭਾਗ ਵੱਲੋਂ ਪ੍ਰਤੀਬੰਧਿਤ ਕੀਤੀਆਂ ਦਵਾਈਆਂ ਤੇ ਸਖਤੀ ਨਾਲ ਲਗਾਈ ਜਾਵੇ ਰੋਕ-ਡਿਪਟੀ ਕਮਿਸ਼ਨਰ

ਸਿਹਤ ਵਿਭਾਗ ਵੱਲੋਂ ਪ੍ਰਤੀਬੰਧਿਤ ਕੀਤੀਆਂ ਦਵਾਈਆਂ ਤੇ ਸਖਤੀ ਨਾਲ ਲਗਾਈ ਜਾਵੇ ਰੋਕ-ਡਿਪਟੀ ਕਮਿਸ਼ਨਰ
ਓਟ ਸੈਂਟਰਾਂ ਦੀ ਨਿਰੰਤਰ ਕੀਤੀ ਜਾਵੇ ਚੈਕਿੰਗ
ਅੰਮ੍ਰਿਤਸਰ, 18 ਮਾਰਚ:
ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਨਸ਼ੇ ਤੋਂ ਪੀੜਤ ਵਿਅਕਤੀਆਂ ਦਾ ਇਲਾਜ ਨਸ਼ਾ ਛੁਡਾਓ ਕੇਂਦਰਾਂ, ਮੁੜ ਵਸੇਬਾ ਕੇਂਦਰ ਵਿਖੇ ਮੁਫਤ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਪੀੜਤਾਂ ਨੂੰ ਆਪਣੇ ਪੈਰਾਂ ਤੇ ਖੜ੍ਹਾ ਕਰਨ ਲਈ ਜਿਲ੍ਹਾ ਪ੍ਰਸਾਸ਼ਨ ਕਿੱਤਾਮੁਖੀ ਟ੍ਰੇਨਿੰਗ ਵੀ ਮੁਹੱਈਆ ਕਰਵਾਏਗਾ।
ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਅੱਜ ਸਮੂਹ ਐਸ:ਡੀ:ਐਮਜ਼ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਦਿਆਂ ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਚੱਲ ਰਹੇ ਓਟ ਕੇਂਦਰਾਂ ਦੀ ਚੈਕਿੰਗ ਯਕੀਨੀ ਬਣਾਉਣ ਉਨ੍ਹਾਂ ਕਿਹਾ ਕਿ ਉਹ ਪਿੰਡਾਂ ਵਿੱਚ ਲੋਕਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਜੇਕਰ ਕੋਈ ਇਸ ਦਲਦਲ ਵਿੱਚ ਦੀ ਗ੍ਰਿਫਤ ਵਿੱਚ ਆ ਗਿਆ ਹੈ ਤਾਂ ਉਸ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਓ ਕੇਂਦਰ ਵਿੱਚ ਦਾਖਲ ਕਰਵਾਇਆ ਜਾਵੇ ਤਾਂ ਜੋ ਇਸ ਗ੍ਰਿਫਤ ਵਿੱਚੋਂ ਬਾਹਰ ਨਿਕਲ ਸਕੇ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਕਿ ਨਸ਼ੇ ਤੋਂ ਪੀੜਤ ਵਿਕਅਤੀਆਂ ਦਾ ਇਲਾਜ ਸਰਕਾਰ ਵੱਲੋਂ ਮੁਫਤ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੇ ਰਹਿਣ ਸਹਿਣ ਦੇ ਨਾਲ ਖਾਣਾ ਵੀ ਮੁਫ਼ਤ ਦਿੱਤਾ ਜਾਂਦਾ ਹੈ।
ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਹੁਕਮ ਜਾਰੀ ਕਰਦਿਆਂ ਸਮੂਹ ਵਧੀਕ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟਰੇਟ, ਸਿਵਲ ਸਰਜਨ ਅਤੇ ਸਮੂਹ ਮੈਡੀਲਕ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਮੈਡੀਕਲ ਸਟੋਰਾਂ ਤੇ ਸਿਹਤ ਵਿਭਾਗ ਵੱਲੋਂ ਪ੍ਰਤੀਬੰਧਿਤ ਕੀਤੀਆਂ ਗਈਆਂ ਦਵਾਈਆਂ ਦੀ ਵਿਕਰੀ ਤੇ ਸਖਤੀ ਨਾਲ ਰੋਕ ਲਗਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਪੱਧਰ ਤੇ ਟੀਮਾਂ ਦਾ ਗਠਨ ਕਰਕੇ ਨਿਰੰਤਰ ਅਚਨਚੇਤ ਚੈਕਿੰਗ ਕਰਵਾਉਣ ਅਤੇ ਚੈਕਿੰਗ ਦੌਰਾਨ ਜੇਕਰ ਕਿਸੇ ਸਟੋਰ ਮਾਲਕ ਵੱਲੋ ਪ੍ਰਤੀਬੰਧਿਤ ਦਵਾਈਆਂ ਦੀ ਵਿਕਰੀ ਕੀਤੀ ਜਾਂਦੀ ਹੈ ਤਾਂ ਸਬੰਧਤ ਸਟੋਰ ਮਾਲਕ ਦੇ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਇਸ ਦੀ ਸੂਚਨਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੂੰ ਭੇਜਣੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਤੇ ਤੁਰੰਤ ਕਾਰਵਾਈ ਕਰਦੇ ਹੋਏ ਲੋਪੋਕੇ ਦੀ ਐਸ:ਡੀ;ਐਮ ਸ੍ਰੀਮਤੀ ਅਮਨਦੀਪ ਕੌਰ ਘੁੰਮਣ ਵੱਲੋਂ ਓਟ ਸੈਂਟਰ ਰਾਜਾਸਾਂਸੀ ਦੀ ਚੈਕਿੰਗ ਕੀਤੀ ਗਈ ਅਤੇ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਦਵਾਈਆਂ ਦੇ ਸਟਾਕ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਲੋਪੋਕੇ ਅੰਦਰ ਕਿਸੇ ਵੀ ਮੈਡੀਕਲ ਸਟੋਰ ਵਾਲੇ ਨੂੰ ਪ੍ਰਤੀਬੰਧਿਤ ਦਵਾਈਆਂ ਨਹੀਂ ਵੇਚਣ ਦਿੱਤੀਆਂ ਜਾਣਗੀਆਂ।
ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਗੁਰਸਿਮਰਨਜੀਤ ਕੌਰ, ਸਿਵਲ ਸਰਜਨ ਡਾ: ਕਿਰਨਦੀਪ ਕੌਰ, ਇੰਚਾਰਜ ਮੁੜ ਵਸੇਬਾ ਕੇਂਦਰ ਸ੍ਰੀ ਰਜੀਵ ਕੁਮਾਰ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਦੀਪ ਮਲਹੋਤਰਾ ਤੋਂ ਇਲਾਵਾ ਸਮੂਹ ਐਸ:ਡੀ:ਐਮਜ਼ ਵੀ:ਸੀ ਰਾਹੀਂ ਹਾਜਰ ਸਨ।