ਅਮਨਦੀਪ ਕੌਰ ਆਈ ਏ ਐੱਸ ਜ਼ਿਲ੍ਹਾ ਬਰਨਾਲਾ 'ਚ ਪੰਚਾਇਤੀ ਚੋਣਾਂ ਲਈ ਆਬਜ਼ਰਵਰ ਨਿਯੁਕਤ
* ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਚੋਣ ਪ੍ਰਬੰਧਾਂ ਦਾ ਜਾਇਜ਼ਾ
ਬਰਨਾਲਾ, 10 ਅਕਤੂਬਰ
ਆਗਾਮੀ 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਨਿਗਰਾਨ ਨਿਯੁਕਤ ਸ੍ਰੀਮਤੀ ਅਮਨਦੀਪ ਕੌਰ ਆਈ ਏ ਐੱਸ ਅੱਜ ਜ਼ਿਲ੍ਹਾ ਬਰਨਾਲਾ ਪੁੱਜੇ ਅਤੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਮੀਟਿੰਗ ਕਰਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਜ਼ਿਲ੍ਹਾ ਚੋਣ ਅਫਸਰ ਸਹਿਤ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਰਿੰਦਰਪਾਲ ਸਿੰਘ ਚੌਹਾਨ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਏਥੇ ਅਹਿਮ ਮੀਟਿੰਗ ਕੀਤੀ ਅਤੇ ਚੋਣ ਪ੍ਰਬੰਧਾਂ ਦਾ ਨਿਰੀਖਣ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪੰਚਾਇਤੀ ਚੋਣਾਂ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜ਼ਿਲ੍ਹੇ ਵਿੱਚ ਸਾਰੇ ਅਮਲ ਦੀ ਨਿਗਰਾਨੀ ਕਰਨਗੇ।
ਜ਼ਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਲਈ ਵੋਟਾਂ ਬੈਲੇਟ ਬਕਸਿਆਂ ਰਾਹੀਂ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣੀਆਂ ਹਨ ਅਤੇ ਵੋਟਾਂ ਦੀ ਗਿਣਤੀ ਵੀ ਓਸੇ ਦਿਨ ਕੀਤੀ ਜਾਵੇਗੀ।