ਜ਼ਿਲ੍ਹਾ ਬਰਨਾਲਾ ਵਿੱਚ ਸਾਲ 2024 ਦੌਰਾਨ 172 ਐਨਡੀਪੀਐਸ ਕੇਸ ਦਰਜ, 302 ਮੁਲਜ਼ਮ ਗ੍ਰਿਫ਼ਤਾਰ, ਅਦਾਲਤ 'ਚ 209 ਚਲਾਨ ਪੇਸ਼
ਬਰਨਾਲਾ, 8 ਜਨਵਰੀ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਪਿਛਲੇ ਇਕ ਸਾਲ ਦੌਰਾਨ ਐਨਡੀਪੀਐਸ ਅਧੀਨ 172 ਕੇਸ ਦਰਜ ਕੀਤੇ ਗਏ ਹਨ, 302 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ ਤੇ 209 ਚਲਾਨ ਅਦਾਲਤ ਵਿੱਚ ਪੇਸ਼ ਕੀਤੇ ਗਏ ਹਨ।
ਇਹ ਜਾਣਕਾਰੀ ਇੱਥੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਐਨਕਾਰਡ (ਨੈਸ਼ਨਲ ਨਾਰਕੋਟਿਕਸ ਕੋਆਰਡੀਨੇਸ਼ਨ ਪੋਰਟਲ) ਦੀ ਮੀਟਿੰਗ ਦੌਰਾਨ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਵਲੋਂ ਸਾਂਝੀ ਕੀਤੀ ਗਈ।
ਇਸ ਮੌਕੇ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਪੁਲਿਸ ਨੇ ਪਿਛਲੇ ਸਾਲ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ, ਕੈਪਸੂਲ, ਭੁੱਕੀ, ਹੈਰੋਇਨ, ਅਫੀਮ ਆਦਿ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪਹਿਲੀ ਜਨਵਰੀ 2024 ਤੋਂ 31 ਦਸੰਬਰ 2024 ਤੱਕ ਪੁਲਿਸ ਨੇ 1,15,939 ਪ੍ਰੈਗਾਬਲਿਨ ਕੈਪਸੂਲ ਬਰਾਮਦ ਕਰਕੇ 40 ਕੇਸ ਦਰਜ ਕੀਤੇ ਹਨ ਅਤੇ 76 ਮੁਲਜ਼ਮ ਗ੍ਰਿਫਤਾਰ ਕੀਤੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਵਿਚ ਸ਼ਾਮਲ ਕੀਤਾ ਜਾਵੇ ਕਿਉੰਕਿ ਨੌਜਵਾਨ ਸਾਡਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਰਸਤੇ 'ਤੇ ਰੱਖਣਾ ਬੇਹੱਦ ਅਹਿਮ ਹੈ।
ਇਸ ਮੌਕੇ ਐਸਡੀਐਮ ਬਰਨਾਲਾ ਸ. ਗੁਰਬੀਰ ਸਿੰਘ ਕੋਹਲੀ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।