ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਕੈਂਪ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਕੈਂਪ
ਮਹਿਲ ਕਲਾਂ, 17 ਮਾਰਚ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਬਲਦੇਵ ਸਿੰਘ ਦੀ ਅਗਵਾਈ ਵਿੱਚ ‘ਯੁੱਧ, ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਸੀ ਐਚ ਸੀ ਮਹਿਲਕਲਾਂ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਿਤ੍ਪਾਲ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਹਿੱਸਾ ਬਣ ਕੇ ਇਸ ਨੂੰ ਲੋਕ ਲਹਿਰ ਬਣਾਇਆ ਜਾਵੇ ਅਤੇ ਆਪਣੇ ਪਿੰਡ, ਸ਼ਹਿਰ , ਗਲੀ , ਮਹੱਲੇ , ਰਿਸ਼ਤੇਦਾਰਾਂ ਅਤੇ ਹੋਰ ਸੰਪਰਕ ਵਿੱਚ ਆਉਣ ਵਾਲੇ ਨਸ਼ਾ ਪੀੜਤ ਵਿਅਕਤੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਪਣਾ ਇਲਾਜ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਕਿ ਸਾਡੇ ਸਮਾਜ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਨਸ਼ੇ ਵਿਅਕਤੀ ਨੂੰ ਸਰੀਰਕ, ਮਾਨਸਿਕ , ਆਰਥਿਕ ਤੇ ਸਮਾਜਿਕ ਤੌਰ 'ਤੇ ਕਮਜ਼ੋਰ ਬਣਾ ਦਿੰਦੇ ਹਨ। ਨਸ਼ਾ ਕਰਨ ਵਾਲੇ ਵਿਅਕਤੀ ਨੂੰ ਡਾਕਟਰੀ ਸਲਾਹ ਅਨੁਸਾਰ ਨਸ਼ਿਆਂ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ।
ਇਸ ਮੌਕੇ ਓਟ ਕੌਂਸਲਰ ਹਰਮਨਦੀਪ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਲਗਾਤਰ ਸੇਵਨ ਕਰਨ ਨਾਲ ਸਰੀਰ ਨੂੰ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਕੈਂਸਰ, ਹੈਪੇਟਾਇਟਸ ਅਤੇ ਗੁਰਦਿਆਂ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਸਰੀਰਿਕ ਕਮਜ਼ੋਰੀ, ਦਿਲ, ਜਿਗਰ, ਮਿਹਦਾ, ਫੇਫੜੇ ਤੇ ਦਿਮਾਗ ਆਦਿ ਅੰਗਾਂ 'ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਕੇਂਦਰਾਂ ਵਿੱਚ ਨਸ਼ਾ ਪੀੜਤ ਮਰੀਜ਼ਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ ਅਤੇ ਮਰੀਜ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨਾਲ ਹਮਦਰਦੀ ਵਾਲਾ ਰਵੱਈਆ ਅਪਨਾਉਣ ਦੀ ਲੋੜ ਹੈ।
ਇਸ ਮੌਕੇ ਬੀਈਈ ਸ਼ਿਵਾਨੀ, ਐਲ ਐਚ ਵੀ ਬਲਵਿੰਦਰ ਕੌਰ , ਹਰਪਾਲ ਕੌਰ, ਏ ਐਨ ਐਮ ਜਸਵੀਰ ਕੌਰ, ਫਾਰਮੇਸੀ ਅਫਸਰ ਵੰਦਨਾ ਗੋਇਲ ਅਤੇ ਨਰਸਿੰਗ ਦੀਆਂ ਵਿਦਿਆਰਥਣਾਂ ਹਾਜ਼ਰ ਸਨ।