ਬਰਨਾਲਾ ਰਜਬਾਹੇ ਦੀ ਕੰਕਰੀਟ ਰੀਲਾਈਨਿੰਗ ਦੇ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਵੱਲੋਂ ਹਰੀ ਝੰਡੀ
81.53 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਨਾਲ ਰਜਬਾਹੇ ਵਿੱਚ ਪਾਣੀ ਸਮਰੱਥਾ ਵਿੱਚ 20 ਫੀਸਦੀ ਵਾਧਾ ਹੋਵੇਗਾ: ਮੀਤ ਹੇਅਰ
ਬਰਨਾਲਾ, 25 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੂੰ ਕਿਸਾਨਾ ਦੇ ਹਰ ਖੇਤ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਦੇ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਲੜੀ ਵਿੱਚ ਬਰਨਾਲਾ ਤੇ ਸੰਗਰੂਰ ਜ਼ਿਲੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਅਤੇ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਕੋਟਲਾ ਬ੍ਰਾਂਚ ਤੋਂ ਨਿਕਲਦੇ ਬਰਨਾਲਾ ਰਜਬਾਹੇ ਦੀ ਕੀਤੀ ਜਾਣ ਵਾਲੀ ਕੰਕਰੀਟ ਰੀਲਾਈਨਿੰਗ ਦੇ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।81.53 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਇਸ ਰਜਬਾਹੇ ਵਿੱਚ ਪਾਣੀ ਸਮਰੱਥਾ ਵਿੱਚ 20 ਫੀਸਦੀ ਵਾਧਾ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਦਿੱਤੀ ਮਨਜ਼ੂਰੀ ਤਹਿਤ ਸਾਲ 2024-25 ਲਈ 22.47 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਅਲਾਟਮੈਂਟ ਤਹਿਤ ਸਾਲ 2024-25 ਵਿੱਚ 51.43 ਕਿਲੋਮੀਟਰ ਲੰਬੀ ਰੀਲਾਈਨਿੰਗ ਕੀਤੀ ਜਾਵੇਗੀ ਜਿਸ ਨਾਲ ਸੰਗਰੂਰ ਜ਼ਿਲੇ ਦੇ ਪਿੰਡ ਬਾਦਸ਼ਾਹਪੁਰ, ਰਣੀਕੇ, ਘਨੌਰੀ ਕਲਾਂ, ਘਨੌਰੀ ਖੁਰਦ, ਰੰਗੀਆਂ ਅਤੇ ਬਰਨਾਲਾ ਜ਼ਿਲੇ ਦੇ ਪਿੰਡ ਸੇਖਾ, ਹੰਡਿਆਇਆ, ਫਰਵਾਹੀ, ਖੁੱਡੀ ਖੁਰਦ, ਘੁੰਨਸ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੀ ਸਹੂਲਤ ਦੇ ਨਾਲ ਇਨ੍ਹਾਂ ਪਿੰਡਾਂ ਨੂੰ ਪੀਣ ਵਾਲਾ ਪਾਣੀ ਵੀ ਮਿਲੇਗਾ।
ਮੀਤ ਹੇਅਰ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਬਿਜਲੀ ਦੇ ਟਿਊਬਵੈੱਲਾਂ ਦੀ ਵਰਤੋਂ ਘੱਟਣ ਨਾਲ ਧਰਤੀ ਹੇਠਲੇ ਪਾਣੀ ਦੀ ਵਰਤੋਂ ਵੀ ਘਟੇਗੀ ਤੇ ਬਿਜਲੀ ਦੀ ਬੱਚਤ ਕਰਨ ਵਿੱਚ ਵੀ ਮਦਦ ਮਿਲੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਹਿਰੀ ਪਾਣੀ ਨੂੰ ਮਹੱਤਤਾ ਦਿੰਦਿਆਂ ਹਰ ਖੇਤ ਅਤੇ ਟੇਲਾਂ ਤੱਕ ਪਾਣੀ ਪਹੁੰਚਾਉਣ ਦੇ ਟੀਚੇ ਤਹਿਤ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਪ੍ਰਾਜੈਕਟ ਦੀ ਮਨਜ਼ੂਰੀ ਨਾਲ ਦੋਵੇਂ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਵੱਡਾ ਫ਼ਾਇਦਾ ਹੋਵੇਗਾ।