ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ।
ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ
ਪੈਡਿੰਗ ਕੰਮਾਂ ਦੇ ਤੁਰੰਤ ਨਿਪਟਾਰੇ ਦੇ ਦਿੱਤੇ ਨਿਰਦੇਸ਼
ਅਧਿਕਾਰੀ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਪਾਬੰਦ ਹੋਣ-ਡਿਪਟੀ ਕਮਿਸ਼ਨਰ
ਫਰੀਦਕੋਟ 26 ਮਾਰਚ () ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਅੱਜ ਮਾਲ ਵਿਭਾਗ, ਪੇਂਡੂ ਵਿਕਾਸ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਮਾਲ ਵਿਭਾਗ ਤੇ ਉਨ੍ਹਾਂ ਨਾਲ ਸਬੰਧਤ ਹੋਰ ਵਿਭਾਗਾਂ ਦੇ ਪ੍ਰੋਜੈਕਟਾਂ ਕੰਮਾਂ ਦੀ ਸਮੀਖਿਆ ਵੀ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਪਾਬੰਦ ਹੋਣ। ਇਸ ਮੌਕੇ ਡਿਪਟੀ ਕਮਿਸ਼ਨਰ ਨੋ ਇੰਤਕਾਲਾਂ ਦੇ ਬਕਾਇਆ ਕੇਸਾਂ, ਡਰੇਨਾਂ/ਨਹਿਰਾਂ ਦੇ ਇੰਤਕਾਲ, ਫਸਲਾਂ ਦਾ ਡਿਜੀਟਲ ਸਰਵੇ, ਡਿਜੀਟਲ ਮੁਸਾਣੀਆਂ ਦੀ ਅਪਡੇਸ਼ਨ, ਮੇਰਾ ਘਰ ਮੇਰੇ ਨਾਮ ਸਕੀਮ, ਪੈਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਤੋਂ ਇਲਾਵਾ ਮਾਲ ਦੇ ਹੋਰ ਕੰਮਾਂ ਦੀ ਵੀ ਸਮੀਖਿਆ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਟੀਮ ਵਰਕ ਵਿੱਚ ਕੰਮ ਕਰਨ ਅਤੇ ਸਰਕਾਰ ਵੱਲੋਂ ਦਿੱਤੇ ਜਾਂਦੇ ਟੀਚਿਆਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਉਣ। ਪੰਚਾਇਤੀ ਜਮੀਨਾਂ ਦੇ ਠੇਕੇ ਸਬੰਧੀ ਰੀਵਿਊ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵਿੱਚ ਪੰਚਾਇਤੀ ਜਮੀਨਾਂ ਠੇਕੇ ਤੇ ਦੇਣ ਤੋਂ ਰਹਿ ਗਈਆਂ ਹਨ, ਉਨ੍ਹਾਂ ਦੀ ਪਛਾਣ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਨਿਸ਼ਾਨਦੇਹੀਆਂ ਸਬੰਧੀ ਵੀ ਵਿਸਥਾਰ ਸਹਿਤ ਜਾਣਕਾਰੀ ਲਈ। ਉਨ੍ਹਾਂ ਅਧਿਕਾਰੀਆਂ ਨੂੰ ਰਜਿਸਟਰੀ ਦੇ ਕੁਲੈਕਟਰ ਰੇਟਾਂ ਵਿੱਚ ਵਾਧਾ ਕਰਨ ਬਾਰੇ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਮੇਰਾ ਘਰ ਮੇਰੇ ਨਾਮ ਸਕੀਮ ਬਾਰੇ ਗੱਲ ਕਰਦਿਆਂ ਕਿਹਾ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੀ ਮਾਲਕੀ ਦੇਣ ਸਬੰਧੀ ਵੀ ਸਰਵੇ ਕਰਕੇ ਰਹਿ ਚੁੱਕੇ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਨੂੰ ਕਾਫੀ ਮਦਦ ਮਿਲੇਗੀ। ਉਨ੍ਹਾਂ ਮੁੜ ਹਦਾਇਤ ਕੀਤੀ ਮਾਲ ਵਿਭਾਗ ਦੇ ਸਾਰੇ ਅਧਿਕਾਰੀ ਤੇ ਕਰਮਚਾਰੀ ਲੋਕ ਹਿੱਤਾਂ ਨੂੰ ਅੱਗੇ ਰੱਖ ਕੇ ਮਿਲ ਕੇ ਆਪਣਾ ਕੰਮ ਸਮਾਂਬੱਧ ਕਰਨ।
ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਸ. ਵਰਿੰਦਰ ਸਿੰਘ, ਐਸ.ਡੀ.ਐਮ. ਜੈਤੋ ਸ੍ਰੀ ਸੂਰਜ, ਡੀ.ਆਰ.ਓ ਮੈਡਮ ਲਵਪ੍ਰੀਤ ਕੌਰ ਸਮੇਤ ਮਾਲ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।