ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲਵੇਂ ਸਰੋਤਾਂ ਦੀ ਵਰਤੋਂ ਕਰਨ ਨੂੰ ਤਰਜ਼ੀਹ ਦੇਣ ਕਿਸਾਨ-ਡਾ. ਸੋਨਾ ਥਿੰਦ
ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲਵੇਂ ਸਰੋਤਾਂ ਦੀ ਵਰਤੋਂ ਕਰਨ ਨੂੰ ਤਰਜ਼ੀਹ ਦੇਣ ਕਿਸਾਨ-ਡਾ. ਸੋਨਾ ਥਿੰਦ
*ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕਰਨ ਲਈ
ਚਲਾਈ ਮੁਹਿੰਮ ਦੇ ਸਾਰਥਕ ਨਤੀਜੇ ਆਏ
*ਪਿਛਲੇ ਸਾਲ ਪਰਾਲੀ ਨੂੰ ਅੱਗ ਲਗਾਉਣ ਦੇ 618 ਮਾਮਲਿਆਂ ਦੇ ਮੁਕਾਬਲੇ
ਮੌਜੂਦਾ ਸਾਲ 164 ਮਾਮਲੇ ਆਏ ਸਾਹਮਣੇ
*ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ
ਕੀਤਾ ਜਾਵੇਗਾ ਸਨਮਾਨਤ-ਡਿਪਟੀ ਕਮਿਸ਼ਨਰ
ਫ਼ਤਹਿਗੜ੍ਹ ਸਾਹਿਬ, 06 ਨਵੰਬਰ:-
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਅੰਦਰ ਜ਼ੀਰੋ ਬਰਨਿੰਗ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪਿੰਡ ਨਬੀਪੁਰ ਤੇ ਹੰਸਾਲੀ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਰਵਾਏ ਜਾਗਰੂਕਤਾ ਸਮਾਗਮ ਚ ਸ਼ਿਰਕਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਉਲੀਕੀ ਜਾਗਰੂਕਤਾ ਮੁਹਿੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਡੀ.ਏ.ਪੀ. ਦੇ ਬਦਲ ਵਜੋਂ ਮਾਰਕੀਟ ਵਿੱਚ ਉਪਲਬਧ ਸਿੰਗਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ, ਐਨ.ਪੀ.ਕੇ. ਤੇ ਹੋਰ ਖਾਦਾਂ ਦੀ ਵਰਤੋਂ ਨੂੰ ਤਰਜ਼ੀਹ ਦਿੰਦਿਆਂ ਕਣਕ ਦੀ ਬਿਜਾਈ ਲਈ ਪ੍ਰੇਰਿਤ ਕੀਤਾ, ਤਾਂ ਜੋ ਕਣਕ ਦੀ ਬਿਜਾਈ ਵਿੱਚ ਬੇਲੋੜੀ ਦੇਰੀ ਨਾ ਹੋਵੇ।
ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਜ਼ੀਰੋ ਬਰਨਿੰਗ ਨੂੰ ਯਕੀਨੀ ਬਣਾਉਣ ਵਾਸਤੇ ਚਲਾਈ ਗਈ ਮੁਹਿੰਮ ਦੇ ਬਹੁਤ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਪਿਛਲੇ ਸਾਲ 2023 ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਹੋਈਆਂ 618 ਘਟਨਾਵਾਂ ਦੇ ਮੁਕਾਬਲੇ ਇਸ ਸਾਲ 164 ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕਰਨ ਵਾਸਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡਾਂ ਵਿੱਚ 36 ਕਲਸਟਰ ਅਫਸਰ ਤੇ 121 ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ। ਕਲਸਟਰ ਅਫਸਰਾਂ ਤੇ ਨੋਡਲ ਅਫਸਰਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤੇ ਕਿਸਾਨਾਂ ਨੂੰ ਵੱਧ ਰਹੇ ਪ੍ਰਦੂਸ਼ਣ ਦਾ ਖਾਤਮਾ ਕਰਨ ਲਈ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਵਾਸਤੇ ਕਿਸਾਨਾਂ ਨੂੰ ਇਸ ਸਾਲ 11.5 ਕਰੋੜ ਰੁਪਏ ਦੀ ਸਬਸਿਡੀ ਤੇ 628 ਵੱਖ-ਵੱਖ ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ 2539 ਖੇਤੀ ਮਸ਼ੀਨਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਖੇਤੀ ਮਸ਼ੀਨਾਂ ਖਰੀਦਣ ਤੋਂ ਅਸਮਰਥ ਹਨ ਉਹ ਆਪਣੀਆਂ ਸਹਿਕਾਰੀ ਸਭਾਵਾਂ ਰਾਹੀਂ ਤੇ ਅਗਾਂਹਵਧੂ ਕਿਸਾਨਾਂ ਤੋਂ ਮਸ਼ੀਨਾਂ ਲੈ ਕੇ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਸਕਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਸਾਡੀ ਸਾਰਿਆਂ ਲਈ ਵੱਡੀ ਚੁਣੋਤੀ ਬਣੀ ਹੋਈ ਹੈ, ਇਸ ਦਾ ਖਾਤਮਾ ਕਰਨ ਲਈ ਕਿਸਾਨਾਂ ਨੂੰ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਰਵਿੰਦ ਗੁਪਤਾ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਇਨਸੀਟੂ ਸਕੀਮ ਰਾਹੀਂ ਕਿਸਾਨ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਸਕਦੇ ਹਨ ਅਤੇ ਐਕਸ ਸੀਟੂ ਸਕੀਮ ਤਹਿਤ ਪਰਾਲੀ ਦੀਆਂ ਗੰਢਾਂ ਬਣਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹ ਦਿੱਤਾ ਜਾਵੇ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕੀਤਾ ਜਾ ਸਕੇ।
ਇਸ ਮੌਕੇ ਐਸ.ਪੀ. (ਜਾਂਚ) ਸ਼੍ਰੀ ਰਾਕੇਸ਼ ਯਾਦਵ, ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਸ਼੍ਰੀ ਵਿਸ਼ਾਲ ਗੋਇਲ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸੁਖਨਾਜ਼ ਸਿੰਘ, ਡੀ.ਐਸ.ਪੀ. ਬਸੀ ਪਠਾਣਾ ਰਾਜ ਕੁਮਾਰ, ਬੀ.ਡੀ.ਪੀ.ਓ. ਸਰਹਿੰਦ ਸ਼੍ਰੀਮਤੀ ਦੀਪ ਸ਼ਿਖਾ, ਬਲਾਕ ਖੇਤੀਬਾੜੀ ਅਫਸਰ ਬੂਟਾ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਜਤਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।