ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਖਾਦ ਵਿਕਰੇਤਾਵਾਂ ਦਾ ਰਿਕਾਰਡ ਅਤੇ ਗੋਦਾਮਾਂ ਦੀ ਕੀਤੀ ਜਾਂਚ
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਖਾਦ ਵਿਕਰੇਤਾਵਾਂ ਦਾ ਰਿਕਾਰਡ ਅਤੇ ਗੋਦਾਮਾਂ ਦੀ ਕੀਤੀ ਜਾਂਚ
* ਬੇਲੋੜੀਆਂ ਚੀਜ਼ਾਂ ਖਾਦ ਨਾਲ ਟੈਗ ਕਰਕੇ ਵੇਚਣ ਵਾਲੇ ਵਿਕਰੇਤਾ ਦੀ ਸੂਚਨਾ ਤੁਰੰਤ ਖੇਤੀਬਾੜੀ ਵਿਭਾਗ ਨੂੰ ਦੇਣ ਕਿਸਾਨ-ਮੁੱਖ ਖੇਤੀਬਾੜੀ ਅਫਸਰ
ਫ਼ਤਹਿਗੜ੍ਹ ਸਾਹਿਬ, 10 ਨਵੰਬਰ
ਡੀ.ਏ.ਪੀ. ਖਾਦ ਦੀ ਸਪਲਾਈ ਦੀ ਕਾਲਾਬਜ਼ਾਰੀ ਨੂੰ ਰੋਕਣ ਅਤੇ ਕਿਸਾਨਾਂ ਨੂੰ ਲੋੜੀਂਦੀ ਖਾਦ ਮਹੁੱਈਆ ਕਰਵਾਉਣ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਫ਼ਸਰ, ਧਰਮਿੰਦਰਜੀਤ ਸਿੰਘ ਦੀ ਅਗਵਾਈ ਵਿੱਚ
ਵੱਖੋ-ਵੱਖ ਅਧਿਕਾਰੀਆਂ ਦੀ ਟੀਮ ਨੇ ਸਰਹਿੰਦ ਵਿਖੇ ਅਚਨਚੇਤ ਚੈਕਿੰਗ ਕੀਤੀ, ਜਿਸ ਤਹਿਤ ਖਾਦ ਵਿਕਰੇਤਾਵਾਂ ਦਾ ਰਿਕਾਰਡ ਅਤੇ ਗੋਦਾਮਾਂ ਦੀ ਜਾਂਚ ਕੀਤੀ ਗਈ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਹਾੜ੍ਹੀ ਦੀ ਫ਼ਸਲ ਦੀ ਬਿਜਾਈ ਲਈ ਲੋੜੀਂਦੀ ਡੀ.ਏ.ਪੀ ਖਾਦ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਪਰਕਾਸ਼ ਚੰਦ ਐਂਡ ਸਨਜ਼ ਸਰਹਿੰਦ, ਸੰਦੀਪ ਫਰਟੀਲਾਈਜ਼ਰਜ਼ ਸਰਹਿੰਦ, ਮਨੋਹਰ ਲਾਲ ਅਗਰਵਾਲ ਐਂਡ ਸਨਜ਼ ਸਰਹਿੰਦ, ਫ਼ਕੀਰ ਚੰਦ ਐਂਡ ਸਨਜ਼ ਸਰਹਿੰਦ ਅਤੇ ਬੱਤਰਾ ਫਰਟੀਲਾਈਜ਼ਰਜ਼ ਸਰਹਿੰਦ ਦੀ ਚੈਕਿੰਗ ਕੀਤੀ ਗਈ। ਸਰਹਿੰਦ ਵਿਖੇ ਖਾਦਾਂ ਦੀ ਵਿਕਰੀ ਸਬੰਧੀ ਕੋਈ ਵੀ ਊਣਤਾਈ ਨਹੀਂ ਪਾਈ ਗਈ ਅਤੇ ਨਾ ਹੀ ਕੋਈ ਸਟਾਕਿੰਗ ਅਤੇ ਟੈਗਿੰਗ ਦਾ ਮਾਮਲਾ ਸਾਹ੍ਹਮਣੇ ਆਇਆ।
ਮੁੱਖ ਖੇਤੀਬਾੜੀ ਅਫ਼ਸਰ ਧਰਮਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਖਾਦ ਵਿਕਰੇਤਾ ਬੇਲੋੜੀਆਂ ਚੀਜ਼ਾਂ ਖਾਦ ਨਾਲ ਟੈਗ ਕਰ ਕੇ ਵੇਚਦਾ ਹੈ ਤਾਂ ਉਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ।
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਡੀ.ਏ.ਪੀ. ਖਾਦ ਦੀ ਵਰਤੋਂ ਆਪਣੇ ਖੇਤਾਂ ਵਿੱਚ ਪੀ.ਏ.ਯੂ. ਵੱਲੋਂ ਸਿਫਾਰਿਸ਼ ਮਾਤਰਾ ਦੇ ਅਧਾਰ 'ਤੇ ਹੀ ਕੀਤੀ ਜਾਵੇ ਤਾਂ ਜੋ ਡੀ.ਏ.ਪੀ. ਦੀ ਬੇਲੋੜੀ ਵਰਤੋਂ ਕਾਰਨ ਸਪਲਾਈ ਵਿੱਚ ਆ ਰਹੀ ਘਾਟ ਨੂੰ ਰੋਕਿਆ ਜਾ ਸਕੇ ਅਤੇ ਹਰ ਇੱਕ ਕਿਸਾਨ ਨੂੰ ਡੀ.ਏ.ਪੀ. ਖਾਦ ਸਹੀ ਮਾਤਰਾ ਵਿੱਚ ਮਿਲ ਸਕੇ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਕਣਕ ਦੀ ਫ਼ਸਲ ਲਈ ਡੀ.ਏ.ਪੀ. ਦੇ ਬਦਲ ਵਜੋਂ ਫਾਸਫੋਰਸ ਤੱਤਾਂ ਵਾਲੀਆਂ ਹੋਰ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ। ਮੌਜੂਦਾ ਸਮੇਂ ਡੀ.ਏ.ਪੀ. ਖਾਦ ਦੇ ਕਈ ਬਦਲ ਹਨ, ਜਿਨ੍ਹਾਂ ਨੂੰ ਫਾਸਫੋਰਸ ਤੱਤ ਦੇ ਬਦਲਵੇਂ ਸਰੋਤ ਵਜੋਂ ਵਰਤਿਆ ਜਾ ਸਕਦਾ ਹੈ।
ਡੀ.ਏ.ਪੀ. ਵਿਚ 46 ਫ਼ੀਸਦੀ ਫਾਸਫੋਰਸ ਅਤੇ 18 ਫ਼ੀਸਦੀ ਨਾਈਟ੍ਰੋਜਨ ਹੁੰਦੀ ਹੈ। ਇਕ ਹੋਰ ਖਾਦ ਐਨ.ਪੀ.ਕੇ. (12:32:16) ਵਿਚ 32 ਫ਼ੀਸਦੀ ਫਾਸਫੋਰਸ ਅਤੇ 12 ਫ਼ੀਸਦੀ ਨਾਈਟ੍ਰੋਜਨ ਦੇ ਨਾਲ ਨਾਲ 16 ਫ਼ੀਸਦੀ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ। ਇਕ ਬੋਰਾ ਡੀ.ਏ.ਪੀ. ਪਿੱਛੇ ਡੇਢ ਬੋਰਾ ਐਨ.ਪੀ.ਕੇ. (12:32:16) ਦੀ ਵਰਤੋਂ ਕੀਤੀ ਜਾ ਸਕਦੀ ਹੈ। ਡੀ.ਏ.ਪੀ. ਦੇ ਤੀਸਰੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ ਦੀ ਵਰਤੋਂ ਕੀਤੀ ਜਾ ਸਕਦੀ ਹੈ। ਸਿੰਗਲ ਸੁਪਰਫਾਸਫੇਟ ਵਿਚ 16 ਫ਼ੀਸਦੀ ਫਾਸਫੋਰਸ ਤੱਤ ਮਿਲਦਾ ਹੈ ਅਤੇ ਇਸ ਦੀਆਂ ਤਿੰਨ ਬੋਰਿਆਂ ਨਾਲ ਫਾਸਫੋਰਸ ਤੱਤ ਦੀ ਪੂਰਤੀ ਤੋਂ ਬਿਨਾਂ 18 ਕਿੱਲੋ ਗੰਧਕ ਵੀ ਕਣਕ ਦੀ ਫ਼ਸਲ ਨੂੰ ਮਿਲ ਸਕਦੀ ਹੈ।
ਤਸਵੀਰਾਂ
ਮੁੱਖ ਖੇਤੀਬਾੜੀ ਅਫਸਰ ਧਰਮਿੰਦਰਜੀਤ ਸਿੰਘ ਸਮੇਤ ਹੋਰ ਅਧਿਕਾਰੀ ਖਾਦ ਵਿਕਰੇਤਾਵਾਂ ਦੇ ਰਿਕਾਰਡ ਅਤੇ ਗੋਦਾਮਾਂ ਦੀ ਜਾਂਚ ਕਰਦੇ ਹੋਏ।