*ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼*
*ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼*
*ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 89,781 ਮੀਟਰਿਕ ਟਨ ਝੋਨੇ ਦੀ ਕਰਵਾਈ ਲਿਫਟਿੰਗ
*ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 474. 28 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ
*ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਝੋਨੇ ਦੀ ਖਰੀਦ ਨੂੰ ਲੈ ਕੇ ਵੱਖ ਵੱਖ ਮੰਡੀਆਂ ਦਾ ਦੌਰਾ
*ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ
*ਜ਼ਿਲ੍ਹਾ ਪੁਲਿਸ ਸਿਵਲ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕਰ ਰਹੀ ਹੈ ਕੰਮ: ਜ਼ਿਲ੍ਹਾ ਪੁਲਿਸ ਮੁਖੀ
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਅਨਾਜ ਮੰਡੀ ਸਰਹੰਦ ਤੇ ਚਨਾਰਥਲ ਦਾ ਦੌਰਾ ਕੀਤਾ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚੋਂ 89,781 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।
ਉਹਨਾਂ ਹੋਰ ਦੱਸਿਆ ਕਿ ਉਹਨਾਂ ਵੱਲੋਂ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਅੱਜ ਸ਼ਾਮ ਤੱਕ ਸਾਰੀਆਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਨਾਲੋਂ ਨਾਲ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਦੱਸਿਆ ਕਿ ਲਿਫਟਿੰਗ ਪ੍ਰਕਿਰਿਆ 'ਤੇ ਉਹ ਨਿੱਜੀ ਤੌਰ 'ਤੇ ਤਿੱਖੀ ਨਜ਼ਰ ਰੱਖਣਗੇ।
ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 2,32,797 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 2,17,226 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 474. 28 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ।
ਅਨਾਜ ਮੰਡੀ ਚਨਾਰਥਲ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚਨਾਰਥਲ ਮੰਡੀ ਵਿੱਚ ਪਹਿਲਾਂ ਪਹਿਲਾਂ ਸਾਰੇ ਸੈਲਰਾਂ ਵੱਲੋਂ ਲਿਫਟਿੰਗ ਸਬੰਧੀ ਅੱਗੇ ਨਾ ਆਉਣ ਕਾਰਨ ਲਿਫਟਿੰਗ ਸਬੰਧੀ ਪਰੇਸ਼ਾਨੀ ਆਈ ਸੀ ਪ੍ਰੰਤੂ ਹੁਣ ਇਸ ਖੇਤਰ ਦੇ 10 ਸ਼ੈਲਰਾਂ ਵਿੱਚੋਂ ਪੰਜ ਸ਼ੈਲਰਾਂ ਨੂੰ ਅਲਾਟਮੈਂਟ ਹੋ ਚੁੱਕੀ ਹੈ ਅਤੇ ਬਾਕੀ ਸਬੰਧੀ ਕਰਵਾਈ ਅੱਜ ਕਰ ਲਈ ਜਾਵੇਗੀ। ਉਹਨਾਂ ਕਿਹਾ ਕਿ ਪ੍ਰਸ਼ਾਸਨ ਪੂਰੀ ਗੰਭੀਰਤਾ ਨਾਲ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਕਰ ਰਿਹਾ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਦੇ ਸਾਰੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਕਈ ਭਿਆਨਕ ਬਿਮਾਰੀਆਂ ਲੱਗਣ ਦਾ ਖਤਰਾ ਰਹਿੰਦਾ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਵੀ ਨੁਕਸਾਨ ਹੁੰਦਾ ਹੈ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਸਬੰਧੀ ਜ਼ਿਲ੍ਹਾ ਪੁਲਿਸ ਸਿਵਲ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੀ ਹੈ। ਪੁਲਿਸ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਤੇ ਵੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਦਿੱਕਤ ਨਾ ਖੜ੍ਹੀ ਹੋਵੇ ਤੇ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚੜ੍ਹੇ।
ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਸ. ਰਸ਼ਪਿੰਦਰ ਸਿੰਘ ਰਾਜਾ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ਼੍ਰੀਮਤੀ ਮੀਨਾਕਸ਼ੀ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਆੜ੍ਹਤੀ ਤੇ ਕਿਸਾਨ ਹਾਜ਼ਰ ਸਨ।
ਕੈਪਸਨ:-ਸਰਹਿੰਦ ਅਨਾਜ ਮੰਡੀ ਵਿਖੇ ਖਰੀਦ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ।
-ਚਨਾਰਥਲ ਅਨਾਜ ਮੰਡੀ ਵਿਖੇ ਖਰੀਦ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਟ ਗਰੇਵਾਲ।