ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਹੋਵੇਗੀ ਫੈਸਲਾਕੁੰਨ-ਡਵੀਜ਼ਨਲ ਕਮਿਸ਼ਨਰ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ
ਹੋਵੇਗੀ ਫੈਸਲਾਕੁੰਨ-ਡਵੀਜ਼ਨਲ ਕਮਿਸ਼ਨਰ
*ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢ ਕੇ ਚੰਗੇ ਸ਼ਹਿਰੀ ਵਜੋਂ ਜਿਊਣ ਦੇ ਬਣਾਇਆ ਜਾਵੇਗਾ ਕਾਬਲ
*ਨਸ਼ੇ ਛੱਡ ਚੁੱਕੇ ਵਿਅਕਤੀਆਂ ਨੂੰ ਦਿੱਤੀ ਜਾਵੇਗੀ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ
*ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਖਤੀ ਨਾਲ ਕੀਤਾ
ਜਾਵੇਗਾ ਲਾਗੂ-ਡਾ: ਸੋਨਾ ਥਿੰਦ
*ਕਮਿਸ਼ਨਰ ਦਲਜੀਤ ਸਿੰਘ ਮਾਂਗਟ ਤੇ ਡੀ.ਸੀ. ਡਾ: ਸੋਨਾ ਥਿੰਦ ਨੇ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਤੇ ਬ੍ਰਾਹਮਣ ਮਾਜਰਾ ਦੇ ਮੁੜ ਵਸੇਬਾ ਕੇਂਦਰ ਦਾ ਲਿਆ ਜਾਇਜਾ
ਫ਼ਤਹਿਗੜ੍ਹ ਸਾਹਿਬ, 11 ਮਾਰਚ:
ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਅੱਜ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਤੇ ਬ੍ਰਾਹਮਣ ਮਾਜਰਾ ਵਿਖੇ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਨਸ਼ਿਆਂ ਦਾ ਤਿਆਗ ਕਰ ਰਹੇ ਵਿਅਕਤੀਆਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਦਾ ਮੁਕੰਮਲ ਤਿਆਗ ਕਰਕੇ ਚੰਗੇ ਸ਼ਹਿਰੀ ਵਜੋਂ ਸਮਾਜ ਵਿੱਚ ਵਿਚਰਨ ਸਬੰਧੀ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਸੁਝਾਅ ਵੀ ਹਾਸਲ ਕੀਤੇ । ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਵੀ ਮੌਜੂਦ ਸਨ।

ਇਸ ਮੌਕੇ ਸ਼੍ਰੀ ਮਾਂਗਟ ਨੇ ਨਸ਼ਿਆਂ ਦਾ ਤਿਆਗ ਕਰ ਰਹੇ ਨੌਜਵਾਨਾਂ ਨੂੰ ਕਿਹਾ ਕਿ ਨਸ਼ੇ ਇੱਕ ਅਜਿਹੀ ਲਾਹਣਤ ਹਨ ਜੋ ਕਿ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਨੂੰ ਜਿਥੇ ਆਰਥਿਕ ਪੱਖੋਂ ਕੰਗਾਲ ਕਰ ਦਿੰਦੇ ਹਨ ਉਥੇ ਹੀ ਸਮਾਜ ਵਿੱਚ ਵੀ ਉਨ੍ਹਾਂ ਦੀ ਕੋਈ ਇਜੱਤ ਨਹੀਂ ਰਹਿੰਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਨਸ਼ਿਆਂ ਤੋਂ ਛੁਟਕਾਰਾ ਪਾਇਆ ਜਾਵੇ ਤਾਂ ਜੋ ਉਹ ਇੱਕ ਵਾਰ ਮੁੜ ਤੋਂ ਸਮਾਜ ਅੰਦਰ ਸਿਹਤਮੰਦ ਜੀਵਨ ਬਤੀਤ ਕਰ ਸਕਣ। ਉਨ੍ਹਾਂ ਨਸ਼ਿਆਂ ਦਾ ਤਿਆਗ ਕਰ ਰਹੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਤੁਸੀਂ ਇਥੋਂ ਇਹ ਪ੍ਰਣ ਕਰਕੇ ਬਾਹਰ ਜਾਣਾ ਹੈ ਕਿ ਮੁੜ ਤੋਂ ਇਸ ਲਾਹਣਤ ਵੱਲ ਮੂੰਹ ਨਹੀਂ ਕਰੋਗੇ ਅਤੇ ਨਸ਼ਿਆਂ ਵਿਰੁੱਧ ਸਰਕਾਰ ਦੀ ਇਸ ਲੜਾਈ ਵਿੱਚ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇਗਾ।
ਕਮਿਸ਼ਨਰ ਪਟਿਆਲਾ ਮੰਡਲ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਇਹ ਮੁਹਿੰਮ ਪੰਜਾਬ ਨੂੰ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਅਦਾ ਕਰੇਗੀ ਅਤੇ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਤੋਬਾ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਛੁਟਕਾਰਾ ਪਾ ਰਹੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਸਰਕਾਰੀ ਨਸ਼ਾ ਛੁਡਾਉ ਕੇਂਦਰਾਂ ਵਿੱਚ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਹ ਵਿਅਕਤੀ ਨਸ਼ੇ ਛੱਡਣ ਉਪਰੰਤ ਆਪਣਾ ਕਾਰੋਬਾਰ ਸ਼ੁਰੂ ਕਰਕੇ ਆਪਣੇ ਪਰਿਵਾਰਾਂ ਦਾ ਜੀਵਨ ਪੱਧਰ ਉਚਾ ਚੁੱਕ ਸਕਣ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਨਸ਼ੇ ਛੱਡ ਰਹੇ ਵਿਅਕਤੀਆਂ ਦਾ ਹੁਨਰ ਵਿਕਾਸ ਕਰਨ ਲਈ ਛੇਤੀ ਹੀ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਕੋਰਸ ਕਰਨ ਉਪਰੰਤ ਨਸ਼ਿਆਂ ਦਾ ਤਿਆਗ ਕਰਨ ਵਾਲੇ ਵਿਅਕਤੀਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਅਧੀਨ ਕਰਜ਼ੇ ਵੀ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਉਨ੍ਹਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਜ਼ਿਲ੍ਹਾ ਮਾਲ ਅਫਸਰ ਕਰੁਣ ਗੁਪਤਾ, ਮਨੋਰੋਗ ਮਾਹਰ ਡਾ: ਸਨਪ੍ਰੀਤ ਕੌਰ, ਡਾ: ਰੀਤੂ ਧੀਮਾਨ ਤੇ ਐਸ.ਐਮ.ਓ. ਡਾ: ਕੇ.ਡੀ. ਸਿੰਘ ਵੀ ਮੌਜੂਦ ਸਨ।