ਸੇਫ ਸਕੂਲ ਵਾਹਨ ਪਾਲਿਸੀ ਤਹਿਤ 10 ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ
ਸੇਫ ਸਕੂਲ ਵਾਹਨ ਪਾਲਿਸੀ ਤਹਿਤ 10 ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ
ਫ਼ਤਹਿਗੜ੍ਹ ਸਾਹਿਬ, 10 ਮਾਰਚ:
ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਜੀ.ਟੀ.ਰੋਡ ਸਰਹਿੰਦ ਵਿਖੇ 10 ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਕਿਹਾ ਕਿ ਅੱਜ ਸੜਕ ਸੁਰੱਖਿਆ ਸਭ ਤੋਂ ਅਹਿਮ ਵਿਸ਼ਾ ਬਣਿਆ ਹੋਇਆ ਹੈ ਅਤੇ ਸੜਕ ਦੁਰਘਟਨਾਵਾਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਠੱਲ ਪਾਉਣਾ ਬਹੁਤ ਜਰੂਰੀ ਹੋ ਗਿਆ ਹੈ। ਉਹਨਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜਰੂਰੀ ਹੈ ਕਿ ਬੱਚਿਆਂ ਦੇ ਮਾਪੇ ਉਹਨਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫਰ ਕਰ ਰਹੇ ਹਨ, ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ।
ਇਸ ਮੌਕੇ ਸਹਾਇਕ ਖੇਤਰੀ ਟਰਾਂਸਪੋਰਟ ਅਫਸਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਦੌਰਾਨ ਆਮ ਤੌਰ ਤੇ ਇਹ ਸਾਹਮਣੇ ਆਉਂਦਾ ਹੈ ਕਿ ਸਕੂਲ ਪ੍ਰਬੰਧਕ ਆਪਣੀਆਂ ਬੱਸਾਂ ਨੂੰ ਨਿਯਮਾਂ ਅਨੁਸਾਰ ਨਹੀਂ ਚਲਾ ਰਹੇ ਹਨ। ਉਹਨਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਾਗੂ ਕੀਤੀ ਗਈ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿਹੜੀਆਂ ਸਕੂਲੀ ਬੰਸਾਂ ਵਿੱਚ ਲੜਕੀਆਂ ਸਫਰ ਕਰਦੀਆਂ ਹਨ ਉਨ੍ਹਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਤੇ ਮਹਿਲਾ ਅਟੈਂਡਟ ਹੋਣਾ ਜਰੂਰੀ ਹੈ। ਇਸ ਤੋਂ ਇਲਾਵਾ ਸਕੂਲ ਬੱਸਾਂ ਵਿੱਚ ਫਸਟ ਏਡ ਬਾਕਸ ਅਤੇ ਸਪੀਡ ਗਵਰਨਸ ਲਗਾਉਣੇ ਅਤਿ ਜਰੂਰੀ ਹਨ। ਇਸ ਮੌਕੇ ਗੁਰਮੀਤ ਸਿੰਘ ਏ.ਐਸ.ਆਈ ਅਤੇ ਸ਼ੋਸ਼ਲ ਵਰਕਰ ਮਨਜੋਧ ਸਿੰਘ ਵੀ ਹਾਜ਼ਰ ਸਨ।