ਸੇਵਾ ਕੇਂਦਰਾਂ ਵਿੱਚ ਜਨਵਰੀ 2024 ਤੋਂ ਹੁਣ ਤਕ ਕੁੱਲ 71,854 ਸੇਵਾਵਾਂ ਮੁਹੱਈਆ ਕਰਵਾਈਆਂ-ਡਿਪਟੀ ਕਮਿਸ਼ਨਰ
ਸੇਵਾ ਕੇਂਦਰਾਂ ਵਿੱਚ ਜਨਵਰੀ 2024 ਤੋਂ ਹੁਣ ਤਕ ਕੁੱਲ 71,854 ਸੇਵਾਵਾਂ ਮੁਹੱਈਆ ਕਰਵਾਈਆਂ-ਡਿਪਟੀ ਕਮਿਸ਼ਨਰ
*ਪੇਂਡੂ ਅਤੇ ਸ਼ਹਿਰੀ ਖੇਤਰ ਦੇ ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ 425 ਕਿਸਮ ਦੀਆਂ ਸੇਵਾਵਾਂ
ਫ਼ਤਹਿਗੜ੍ਹ ਸਾਹਿਬ, 28 ਅਕਤੂਬਰ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ, ਡਾ. ਸੋਨਾ ਥਿੰਦ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ 2024 ਤੋਂ ਹੁਣ ਤਕ ਕੁੱਲ 75,897 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 71,854 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚੋਂ ਸਿਹਤ ਅਤੇ ਪਰਿਵਾਰ ਭਲਾਈ ਦੀਆਂ 18,929 ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੀਆਂ 1807 ਪ੍ਰਸੋਨਲ ਦੀਆਂ 6,568 , ਮਾਲ ਵਿਭਾਗ ਦੀਆਂ 33,312 ਪੇਂਡੂ ਵਿਕਾਸ ਅਤੇ ਪੰਚਾਇਤ ਦੀਆਂ 531 ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਦੀਆਂ 2869,ਸਮਾਜਕ ਨਿਆਂ ਤੇ ਅਧਿਕਾਰਤਾ ਵਿਭਾਗ ਦੀਆਂ 7838,ਅਰਜ਼ੀਆਂ ਦਾ ਨਿਪਟਾਰਾ ਸਮੇਂ ਸਿਰ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਈ-ਗਵਰਨੈਂਸ ਪ੍ਰਣਾਲੀ ‘ਚ ਪਟਵਾਰੀਆਂ ਨੂੰ ਵੀ ਸ਼ਾਮਲ ਕੀਤਾ ਹੈ। ਇਸ ਨਾਲ ਹੁਣ ਲੋਕ ਘਰ ਬੈਠੇ ਹੀ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ 'ਚ ਜਾਤੀ ਸਰਟੀਫ਼ਿਕੇਟ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਗਿਆ ਹੈ। ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼ ਬਣਾਈਆਂ ਹਨ ਤੇ ਪਟਵਾਰੀ ਹੁਣ ਆਨਲਾਈਨ ਹੀ ਬਿਨੈਕਾਰਾਂ ਨੂੰ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ 'ਤੇ ਮੋਹਰ ਤੇ ਦਸਤਖ਼ਤ ਮੁਹੱਈਆ ਕਰਵਾ ਸਕਣਗੇ। ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ 'ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਵੱਲੋਂ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ ਅਤੇ ਲਾਭਪਾਤਰੀਆਂ ਨੂੰ ਦਫਤਰ ਨਹੀਂ ਜਾਣਾ ਪਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਮੇਂ-ਸਮੇਂ 'ਤੇ ਚੈਕਿੰਗ ਕਰ ਕੇ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਕਿਸੇ ਵੀ ਨਾਗਰਿਕ ਨੂੰ ਸੇਵਾਵਾਂ ਹਾਸਲ ਕਰਨ ਵਿੱਚ ਕੋਈ ਦਿੱਕਤ ਨਾ ਆਵੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਜੇਕਰ ਫ਼ੇਰ ਵੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਉਹਨਾਂ ਦੇ ਧਿਆਨ ਵਿੱਚ ਲੈਕੇ ਆਉਣ, ਮੁਸ਼ਕਲ ਦਾ ਫੌਰੀ ਹੱਲ ਯਕੀਨੀ ਬਣਾਇਆ ਜਾਵੇਗਾ।