*ਹਰ ਹਾਲ ਲਿਫਟਿੰਗ ਵਿੱਚ ਲਿਆਂਦੀ ਜਾਵੇ ਤੇਜ਼ੀ: ਐੱਸ.ਡੀ.ਐਮ*
*ਹਰ ਹਾਲ ਲਿਫਟਿੰਗ ਵਿੱਚ ਲਿਆਂਦੀ ਜਾਵੇ ਤੇਜ਼ੀ: ਐੱਸ.ਡੀ.ਐਮ*
*ਐੱਸ.ਡੀ.ਐਮ. ਹਰਵੀਰ ਕੌਰ ਵੱਲੋਂ ਰੈਲੋਂ ਤੇ ਚੁੰਨੀ ਕਲਾਂ ਮੰਡੀਆਂ ਦਾ ਦੌਰਾ
ਬੱਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 27 ਅਕਤੂਬਰ
ਸਬ ਡਵੀਜ਼ਨ, ਬੱਸੀ ਪਠਾਣਾਂ ਅਧੀਨ ਆਉਂਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਝੋਨੇ ਦੀ ਖਰੀਦ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਕੋਈ ਦਿੱਕਤ ਨਾ ਆਵੇ। ਨਾਲ ਹੀ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਲਿਫਟਿੰਗ ਵਿੱਚ ਹਰ ਹਾਲ ਤੇਜ਼ੀ ਲਿਆਂਦੀ ਜਾਵੇ।
ਇਹ ਵਿਚਾਰਾਂ ਦਾ ਪ੍ਰਗਟਾਵਾ ਐੱਸ.ਡੀ.ਐਮ., ਬੱਸੀ ਪਠਾਣਾਂ, ਹਰਵੀਰ ਕੌਰ ਨੇ ਰੈਲੋਂ ਅਤੇ ਚੁੰਨੀ ਕਲਾਂ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਹਨਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਹਨਾਂ ਦੱਸਿਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ।
ਐੱਸ.ਡੀ.ਐਮ. ਨੇ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਨਾਲੋਂ ਨਾਲ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਕਈ ਭਿਆਨਕ ਬਿਮਾਰੀਆਂ ਲੱਗਣ ਦਾ ਖਤਰਾ ਰਹਿੰਦਾ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਵੀ ਨੁਕਸਾਨ ਹੁੰਦਾ ਹੈ।
ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਆੜ੍ਹਤੀ ਤੇ ਕਿਸਾਨ ਹਾਜ਼ਰ ਸਨ।