ਗਣਤੰਤਰ ਦਿਵਸ ਮੌਕੇ ਵੱਖ-ਵੱਖ ਝਾਕੀਆ ਰਾਹੀਂ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ, ਵਿਕਾਸ ਕਾਰਜ ਤੇ ਲੋਕ ਪੱਖੀ ਉਪਰਾਲੇ ਦਰਸਾਏ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ
ਗਣਤੰਤਰ ਦਿਵਸ ਮੌਕੇ ਵੱਖ-ਵੱਖ ਝਾਕੀਆ ਰਾਹੀਂ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ, ਵਿਕਾਸ ਕਾਰਜ ਤੇ ਲੋਕ ਪੱਖੀ ਉਪਰਾਲੇ ਦਰਸਾਏ
ਪੀ.ਐਸ.ਪੀ.ਸੀ.ਐਲ. ਦੀ ਝਾਕੀ ਰਹੀ ਪਹਿਲੇ ਸਥਾਨ ’ਤੇ, 11000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਆ
ਜਲੰਧਰ, 26 ਜਨਵਰੀ: 76ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ, ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਦੌਰਾਨ ਵਿਭਾਗਾਂ ਵਲੋਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ, ਵਿਕਾਸ ਕਾਰਜਾਂ ਅਤੇ ਲੋਕ ਪੱਖੀ ਉਪਰਾਲਿਆਂ ਨੂੰ ਦਰਸਾਉਂਦੀਆਂ 10 ਝਾਕੀਆਂ ਕੱਢੀਆਂ ਗਈਆਂ।
- ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੀ ਝਾਕੀ ਨੂੰ ਸਰਬਓਤਮ ਝਾਕੀ ਐਲਾਨਦਿਆਂ 11000 ਰੁਪਏ ਦੀ ਨਗਦ ਰਾਸ਼ੀ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਪੀ.ਐਸ.ਪੀ.ਐਸ.ਐਲ. ਵਿਭਾਗ ਵਲੋਂ ਆਪਣੀ ਝਾਕੀ ਵਿੱਚ ਘਰੇਲੂ ਖ਼ਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮੁਹਈਆ ਕਰਵਾਉਣ ਸਦਕਾ 90 ਫੀਸਦੀ ਘਰੇਲੂ ਖਪਤਕਾਰਾਂ ਲਈ ਜ਼ੀਰੋ ਬਿੱਲ ਤੇ ਪੈਡੀ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ, ਭਾਰੀ ਬਿਜਲੀ ਮੰਗ ਦੀ ਪੂਰਤੀ ਅਤੇ ਪਿਛਲੇ ਸਾਲ ਦੌਰਾਨ ਕੀਤੀਆਂ ਹੋਰ ਪ੍ਰਾਪਤੀਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ।
- ਸਿਹਤ ਵਿਭਾਗ ਵਲੋਂ ਕੱਢੀ ਗਈ ਝਾਕੀ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ’ਤੇ ਝਾਤ ਪੁਆਈ ਗਈ। ਝਾਕੀ ਵਿੱਚ ਦਰਸਾਇਆ ਗਿਆ ਕਿ ਜਲੰਧਰ ਜ਼ਿਲ੍ਹੇ ਵਿੱਚ 167 ਯੋਗਾ ਕਲਾਸਾਂ ਚੱਲ ਰਹੀਆਂ ਹਨ, ਜਿਨ੍ਹਾਂ ਵਿਚੋਂ 80 ਕਲਾਸਾਂ ਬਲਾਕ ਪੱਧਰ ’ਤੇ ਅਤੇ 87 ਕਲਾਸਾਂ ਰਾਹੀਂ ਸ਼ਹਿਰੀ ਭਾਗੀਦਾਰਾਂ ਨੂੰ ਯੋਗ ਸਿਖਾਇਆ ਜਾ ਰਿਹਾ ਹੈ। ਇਹ ਪ੍ਰਾਜੈਕਟ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਮਹੱਤਵਪੂਰਣ ਕਦਮ ਹੈ।
- ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵਲੋਂ ਕੱਢੀ ਗਈ ਝਾਕੀ ਰਾਹੀਂ ਸੂਬੇ ਵਿੱਚ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਦਰਸਾਇਆ ਗਿਆ। ਝਾਕੀ ਰਾਹੀਂ ਦੱਸਿਆ ਗਿਆ ਕਿ ਸੌਰ ਊਰਜਾ ਦੀ ਵਰਤੋਂ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 20 ਹਜ਼ਾਰ ਖੇਤੀ ਪੰਪਾਂ ਨੂੰ ਸੌਰ ਊਰਜਾ ਉਤੇ ਕੀਤਾ ਜਾ ਰਿਹਾ ਹੈ।
- ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਵੱਲੋਂ ਆਪਣੀ ਝਾਕੀ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਤੋਂ ਇਲਾਵਾ ਉਨ੍ਹਾਂ ਨੂੰ ਰੋਜ਼ਗਾਰਦਾਤਾ ਬਣਾਉਣ ਅਤੇ ਸੂਬੇ ਵਿੱਚ ਉਦੱਮਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤੋਂ ਜਾਣੂ ਕਰਵਾਇਆ ਗਿਆ। ਪੇਂਡੂ ਵਿਕਾਸ ਵਿਭਾਗ ਵਲੋਂ ਆਪਣੀ ਝਾਕੀ ਰਾਹੀਂ ਪੰਜਾਬ ਰਾਜ ਪੇਂਡੂ ਆਜੀਵਕਾ ਮਿਸ਼ਨ ਦਾ ਜ਼ਿਕਰ ਕੀਤਾ ਗਿਆ, ਜਿਸ ਰਾਹੀਂ ਆਦਮਪੁਰ ਬਲਾਕ ਵਿੱਚ ਚਲਾਏ ਜਾ ਰਹੇ ਪਹਿਲ ਪ੍ਰੋਜੈਕਟ ’ਤੇ ਝਾਤ ਪੁਆਈ ਗਈ।
- ਇਸੇ ਤਰ੍ਹਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਪਣੀ ਝਾਕੀ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਪਹਿਲਕਦਮੀਆਂ ਅਤੇ ਹੋਰ ਪ੍ਰੋਗਰਾਮਾਂ ’ਤੇ ਚਾਨਣਾ ਪਾਉਂਦਿਆਂ ਦੱਸਿਆ ਗਿਆ ਕਿ ਇਸ ਸਾਲ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 87 ਫੀਸਦੀ ਕਮੀ ਆਈ।
- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਆਪਣੀ ਝਾਕੀ ਵਿੱਚ ਪੰਜਾਬ ਸਰਕਾਰ ਦੁਆਰਾ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਬਾਰੇ ਦਰਸਾਇਆ ਗਿਆ। ਝਾਕੀ ਦੌਰਾਨ ਦੱਸਿਆ ਗਿਆ ਕਿ ਜਲੰਧਰ ਵਿੱਚ ਮੌਜੂਦਾ ਸਮੇਂ ਚੱਲ ਰਹੇ 66 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 20 ਲੱਖ 12 ਹਜ਼ਾਰ 459 ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਦਿੱਤਾ ਗਿਆ ਹੈ।
- ਸਿੱਖਿਆ ਵਿਭਾਗ ਵੱਲੋਂ ਕੱਢੀ ਗਈ ਝਾਕੀ ਦੌਰਾਨ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿੱਚ ਉਠਾਏ ਗਏ ਕ੍ਰਾਂਤੀਕਾਰੀ ਕਦਮਾਂ ਜਿਵੇਂ ਸਕੂਲ ਆਫ਼ ਐਮੀਨੈਂਸ, ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਨਾਲ ਜੋੜਨ ਲਈ ਅੰਤਰਰਾਸ਼ਟਰੀ ਸੈਮੀਨਾਰਾਂ ਲਈ ਵਿਦੇਸ਼ ਭੇਜਣ, ਬਿਜਨਸ ਬਲਾਸਟਰ ਸਮੇਤ ਚੁੱਕੇ ਗਏ ਹੋਰ ਉਪਰਾਲਿਆਂ ਬਾਰੇ ਦੱਸਿਆ ਗਿਆ।
- ਇਸ ਤੋਂ ਇਲਾਵਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸੇਵਾ ਕੇਂਦਰ, ਜਲੰਧਰ ਵਲੋਂ ਆਪੋ-ਆਪਣੀਆਂ ਝਾਕੀਆਂ ਰਾਹੀਂ ਕ੍ਰਮਵਾਰ ‘ਸਾਡੇ ਬਜ਼ੁਰਗ, ਸਾਡਾ ਮਾਣ’ ਅਤੇ ‘ਡੋਰ ਸਟੈੱਪ ਡਲਿਵਰੀ’ ਨੂੰ ਪ੍ਰਦਰਸ਼ਿਤ ਕੀਤਾ ਗਿਆ।
- -----------------