ਡਿਪਟੀ ਕਮਿਸ਼ਨਰ ਨੇ ਭੋਗਪੁਰ ’ਚ ਕੁਦਰਤੀ ਸਰੋਤਾਂ ਦੀ ਰਾਖੀ ਦਾ ਲਿਆ ਪ੍ਰਣ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ
ਡਿਪਟੀ ਕਮਿਸ਼ਨਰ ਨੇ ਭੋਗਪੁਰ ’ਚ ਕੁਦਰਤੀ ਸਰੋਤਾਂ ਦੀ ਰਾਖੀ ਦਾ ਲਿਆ ਪ੍ਰਣ
ਸਖ਼ਤ ਪ੍ਰਦੂਸ਼ਣ ਕੰਟਰੋਲ ਉਪਾਵਾਂ ਤੇ ਭਾਈਚਾਰਕ ਸ਼ਮੂਲੀਅਤ 'ਤੇ ਦਿੱਤਾ ਜ਼ੋਰ
ਭੋਗਪੁਰ, 8 ਮਾਰਚ : ਵਾਤਾਵਰਣ ਦੀ ਸੰਭਾਲ ਪ੍ਰਤੀ ਦ੍ਰਿੜ ਵਚਨਬੱਧਤਾ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਭੋਗਪੁਰ ਵਿੱਚ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਕੁਦਰਤੀ ਸਰੋਤਾਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਮਿੱਟੀ, ਪਾਣੀ ਅਤੇ ਹਵਾ ਨੂੰ ਮਾਤਾ-ਪਿਤਾ ਦੇ ਰੂਪ ਵਿੱਚ ਸਤਿਕਾਰਨ ਵਾਲੇ ਪਵਿੱਤਰ ਗ੍ਰੰਥਾਂ ਤੋਂ ਪ੍ਰੇਰਨਾ ਲੈਂਦਿਆਂ ਡਾ. ਅਗਰਵਾਲ ਨੇ ਇਨ੍ਹਾਂ ਵਡਮੁੱਲੇ ਤੱਤਾਂ ਦੀ ਸੰਭਾਲ ਲਈ ਸਮੂਹਿਕ ਜ਼ਿੰਮੇਵਾਰੀ ਦੀ ਅਹਿਮੀਅਤ ਨੂੰ ਉਜਾਗਰ ਕੀਤਾ।
ਸਥਾਨਕ ਨਿਵਾਸੀਆਂ ਵੱਲੋਂ ਬਾਇਓ-ਸੀਐਨਜੀ ਪਲਾਂਟ ਖਿਲਾਫ਼ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਐਸ.ਐਸ.ਪੀ. ਗੁਰਮੀਤ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਭੋਗਪੁਰ ਦਾ ਦੌਰਾ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਵਿਚਾਰ-ਚਰਚਾ ਰਾਹੀਂ ਉਨ੍ਹਾਂ ਦੇ ਡਰ ਨੂੰ ਦੂਰ ਕੀਤਾ।
ਭੋਗਪੁਰ ਖੰਡ ਮਿੱਲ ਦੇ ਬਾਇਲਰ ’ਚੋਂ ਨਿਕਲਣ ਵਾਲੇ ਧੂੰਏਂ ਬਾਰੇ ਮੁੱਦਿਆਂ ਨੂੰ ਸੁਣਦਿਆਂ ਡਾ. ਅਗਰਵਾਲ ਨੇ ਇਸ ਮੁੱਦੇ 'ਤੇ ਪੰਜਾਬ ਸਰਕਾਰ ਦੇ ਸਰਗਰਮ ਰੁਖ ’ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮਿੱਲ ਨੂੰ ਬੈਂਕ ਗਰੰਟੀ ਜਮ੍ਹਾ ਕਰਨ ਦਾ ਆਦੇਸ਼ ਦਿੱਤਾ ਗਿਆ ਹੈ ਅਤੇ ਧੂੰਆਂ ਨਿਕਲਣ ’ਤੇ ਬਾਇਲਰ ਦਾ ਸੰਚਾਲਨ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਫੈਸਲਾਕੁੰਨ ਪਹੁੰਚ ਯਕੀਨੀ ਬਣਾਉਂਦੀ ਹੈ ਕਿ ਉਦਯੋਗਿਕ ਗਤੀਵਿਧੀਆਂ ਵਾਤਾਵਰਣ ਨਾਲ ਸਮਝੌਤਾ ਨਾ ਕਰਨ। ਡਾ. ਅਗਰਵਾਲ ਨੇ ਕਿਹਾ ਕਿ ਜੇਕਰ ਕੋਈ ਉਦਯੋਗਿਕ ਇਕਾਈ ਕੁਦਰਤੀ ਸਰੋਤਾਂ ਨੂੰ ਪ੍ਰਦੂਸ਼ਿਤ ਕਰਦੀ ਪਾਈ ਗਈ ਤਾਂ ਉਸ ਨੂੰ ਉਨ੍ਹਾਂ ਦੀ ਨਿਗਰਾਨੀ ਹੇਠ ਸਖ਼ਤ ਕਾਰਵਾਈਆਂ ਦਾ ਸਾਹਮਣਾ ਕਰਨਾ ਪਵੇਗਾ।
ਤਜਵੀਜ਼ਤ ਬਾਇਓ-ਸੀਐਨਜੀ ਪਲਾਂਟ ਦੇ ਮੱਦੇਨਜ਼ਰ ਡਾ. ਅਗਰਵਾਲ ਨੇ ਸਥਾਨਕ ਨਿਵਾਸੀਆਂ ਦੀ ਇੱਕ ਤਾਲਮੇਲ ਕਮੇਟੀ ਦੇ ਗਠਨ ਦਾ ਐਲਾਨ ਕੀਤਾ। ਇਹ ਯਕੀਨੀ ਬਣਾਉਂਦਿਆਂ ਕਿ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਭਾਈਚਾਰਕ ਰਾਏ ਅਨਿੱਖੜਵਾਂ ਹੋਵੇ, ਇਸ ਕਮੇਟੀ ਨੂੰ ਪ੍ਰਾਜੈਕਟ ਦੇ ਸੰਭਾਵੀ ਵਾਤਾਵਰਣ ਅਤੇ ਸਮਾਜਿਕ ਪ੍ਰਭਾਵਾਂ ਦਾ ਮੁਲਾਂਕਣ ਕਰਨ ਦਾ ਕੰਮ ਸੌਂਪਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਮੇਟੀ ਦੇ ਸਿੱਟਿਆਂ ਅਨੁਸਾਰ ਕੰਮ ਕਰਨ ਦੀ ਵਚਨਬੱਧਤਾ ਪ੍ਰਗਟਾਈ।
ਡਿਪਟੀ ਕਮਿਸ਼ਨਰ ਨੇ ਵਾਤਾਵਰਣ ਕਾਨੂੰਨਾਂ ਨੂੰ ਲਾਗੂ ਕਰਨ ਪ੍ਰਤੀ ਆਪਣੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ, ਭਾਵੇਂ ਉਹ ਖੰਡ ਮਿੱਲ ਵੱਲੋਂ ਕੀਤੀ ਗਈ ਹੋਵੇ ਜਾਂ ਹੋਰ ਉਦਯੋਗਾਂ ਵੱਲੋਂ, ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਇਕੱਠ ਨੂੰ ਦੱਸਿਆ ਕਿ ਮਾਣਯੋਗ ਹਾਈ ਕੋਰਟ ਵੱਲੋਂ ਪ੍ਰਸ਼ਾਸਨ ਅਤੇ ਪ੍ਰਦਰਸ਼ਨਕਾਰੀਆਂ ਸਮੇਤ ਰਿਸਪਾਂਡੈਂਟਸ ਨੂੰ ਕਾਨੂੰਨ ਅਨੁਸਾਰ ਪਲਾਂਟ ਵਿੱਚ ਮੁੜ ਤੋਂ ਕੰਮ ਜਲਦ ਸ਼ੁਰੂ ਕਰਨ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਇਹ ਯਤਨ ਇਨ੍ਹਾਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੇ ਡਰ ਤੇ ਮਿਥਕਾਂ ਨੂੰ ਦੂਰ ਕਰਨ ਲਈ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਭ ਨੂੰ ਮਾਣਯੋਗ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਨਿਰਦੇਸ਼ਾਂ ਦੀ ਕਿਸੇ ਵੀ ਉਲੰਘਣਾ 'ਤੇ ਤੁਰੰਤ ਸੁਧਾਰਾਤਮਕ ਉਪਾਅ ਕੀਤੇ ਜਾਣਗੇ।
ਇਨ੍ਹਾਂ ਸਾਂਝੇ ਯਤਨਾਂ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤਾਂ ਦੀ ਸ਼ੁੱਧਤਾ ਨੂੰ ਸੁਰੱਖਿਅਤ ਰੱਖਦਿਆਂ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ।