ਡਿਪਟੀ ਕਮਿਸ਼ਨਰ ਪੁਲਿਸ ਵੱਲੋਂ ਚਾਇਨਾ/ਮਾਂਝਾ ਡੋਰ ਦਾ ਨਿਰਮਾਣ, ਸਟੋਰ, ਖ਼ਰੀਦ, ਸਪਲਾਈ, ਆਯਾਤ, ਵਿਕਰੀ ਤੇ ਪਤੰਗ ਉਡਾਉਣ ਲਈ ਵਰਤਣ ’ਤੇ ਪਾਬੰਦੀ
ਡਿਪਟੀ ਕਮਿਸ਼ਨਰ ਪੁਲਿਸ ਵੱਲੋਂ ਚਾਇਨਾ/ਮਾਂਝਾ ਡੋਰ ਦਾ ਨਿਰਮਾਣ, ਸਟੋਰ, ਖ਼ਰੀਦ, ਸਪਲਾਈ, ਆਯਾਤ, ਵਿਕਰੀ ਤੇ ਪਤੰਗ ਉਡਾਉਣ ਲਈ ਵਰਤਣ ’ਤੇ ਪਾਬੰਦੀ
ਜਲੰਧਰ, 28 ਦਸੰਬਰ : ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਜਲੰਧਰ ਅਧੀਨ ਆਉਂਦੇ ਇਲਾਕੇ ਵਿੱਚ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਚਾਇਨਾ/ਮਾਂਝਾ ਡੋਰ (ਨਾਈਲੋਨ, ਪਲਾਸਟਿਕ ਜਾਂ ਸਿੰਥੈਟਿਕ ਮਟੀਰੀਅਲ ਨਾਲ ਬਣੀ ਡੋਰ/ਧਾਗਾ ਜਾਂ ਕੋਈ ਅਜਿਹੀ ਡੋਰ/ਧਾਗਾ ਜਿਸ ਉਪਰ ਸਿੰਥੈਟਿਕ/ਕੱਚ/ਤਿੱਖੀ ਧਾਤੂ ਦੀ ਪਰਤ ਚੜ੍ਹੀ ਹੋਵੇ) ਪੰਜਾਬ ਸਰਕਾਰ ਦੇ ਮਾਪਦੰਡਾਂ ਦੇ ਅਨੁਕੂਲ ਨਾ ਹੋਵੇ, ਦਾ ਨਿਰਮਾਣ ਕਰਨ, ਵੇਚਣ, ਸਟੋਰ ਕਰਨ, ਖ਼ਰੀਦ ਕਰਨ, ਸਪਲਾਈ ਕਰਨ, ਆਯਾਤ ਕਰਨ ਅਤੇ ਪਤੰਗ ਉਡਾਉਣ ਲਈ ਵਰਤਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਤੰਗ ਉਡਾਉਣ ਦੀ ਇਜਾਜ਼ਤ ਸਿਰਫ਼ ਸੂਤੀ ਧਾਗੇ ਨਾਲ ਹੀ ਹੋਵੇਗੀ, ਜੋ ਕਿਸੇ ਪ੍ਰਕਾਰ ਦੇ ਤਿੱਖੇ/ਧਾਤੂ/ਕੱਚ ਜਾਂ ਧਾਗੇ ਨੂੰ ਮਜ਼ਬੂਤ ਕਰਨ ਲਈ ਚਿਪਕਾਈ ਗਈ ਪਰਤ ਤੋਂ ਰਹਿਤ ਹੋਵੇ। ਇਹ ਹੁਕਮ 25.2.2025 ਤੱਕ ਲਾਗੂ ਰਹੇਗਾ।