ਡਿਪਟੀ ਕਮਿਸ਼ਨਰ ਵੱਲੋਂ ਲੰਮਾ ਪਿੰਡ-ਜੰਡੂ ਸਿੰਘਾ ਰੋਡ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਲੰਮਾ ਪਿੰਡ-ਜੰਡੂ ਸਿੰਘਾ ਰੋਡ ਦਾ ਜਾਇਜ਼ਾ
ਕਿਹਾ, ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਜਾਵੇਗਾ
ਸੜਕ ਦਾ ਕੰਮ 31 ਮਈ ਤੱਕ ਮੁਕੰਮਲ ਕਰਨ ਦੇ ਨਿਰਦੇਸ਼
ਜਲੰਧਰ, 17 ਅਪ੍ਰੈਲ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੰਮਾ ਪਿੰਡ-ਜੰਡੂ ਸਿੰਘਾ ਰੋਡ ਦਾ ਜਾਇਜ਼ਾ ਲੈਣ ਲਈ ਮੌਕੇ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੜਕ ਦਾ ਨਿਰਮਾਣ 31 ਮਈ 2025 ਤੱਕ ਮੁਕੰਮਲ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ।
ਡਾ. ਅਗਰਵਾਲ ਨੇ ਕਿਹਾ ਕਿ ਲੰਮਾ ਪਿੰਡ-ਜੰਡੂ ਸਿੰਘਾ ਰੋਡ ਇਲਾਕੇ ਦੀ ਮਹੱਤਵਪੂਰਣ ਰੋਡ ਹੈ, ਜਿਸਨੂੰ ਸਮੇਂ ਸਿਰ ਮੁਕੰਮਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਕੰਮ ਵਿੱਚ ਹੋਰ ਤੇਜ਼ੀ ਲਿਆ ਕੇ ਸੜਕ ਨੂੰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿਉਂਕਿ ਕੁਆਲਟੀ ਪੱਖੋਂ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ ਕਿ ਹੁਣ ਤੱਕ ਸੜਕ ਦਾ ਬੇਸ ਵਰਕ 70 ਫੀਸਦੀ ਤੱਕ ਮੁਕੰਮਲ ਕੀਤਾ ਜਾ ਚੁੱਕਾ ਹੈ। ਇਸ ְ’ਤੇ ਡਿਪਟੀ ਕਮਿਸ਼ਨਰ ਨੇ ਕੰਮ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਅਤੇ ਬਾਕੀ ਰਹਿੰਦੇ ਕਾਰਜ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਇਸ ਸੜਕ ਦੀ ਵਰਤੋਂ ਕਰਦਿਆਂ ਰਾਹਤ ਮਿਲ ਸਕੇ।
ਇਸ ਮੌਕੇ ਉਨ੍ਹਾਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਸੜਕ ’ਤੇ ਮੌਜੂਦ ਬਿਜਲੀ ਦੇ ਖੰਭਿਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਸ਼ਿਫਟ ਕੀਤਾ ਜਾਵੇ ਤਾਂ ਜੋ ਨਿਰਮਾਣ ਕਾਰਜ ਨੂੰ ਨਿਰਵਿਘਨ ਢੰਗ ਨਾਲ ਚਲਾਇਆ ਜਾ ਸਕੇ।
ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਰਣਦੀਪ ਸਿੰਘ ਹੀਰ, ਐਕਸੀਅਨ ਲੋਕ ਨਿਰਮਾਣ ਵਿਭਾਗ ਸੰਦੀਪ ਕੁਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।