ਮੀਂਹ ਦੇ ਮੱਦੇਨਜ਼ਰ ; ਡਿਪਟੀ ਕਮਿਸ਼ਨਰ ਵਲੋਂ ਮੰਡੀਆਂ ’ਚ ਤਰਪਾਲਾਂ ਦੇ ਢੁੱਕਵੇਂ ਪ੍ਰਬੰਧ ਕਰਨ ਦੀ ਹਦਾਇਤ
ਮੀਂਹ ਦੇ ਮੱਦੇਨਜ਼ਰ ; ਡਿਪਟੀ ਕਮਿਸ਼ਨਰ ਵਲੋਂ ਮੰਡੀਆਂ ’ਚ ਤਰਪਾਲਾਂ ਦੇ ਢੁੱਕਵੇਂ ਪ੍ਰਬੰਧ ਕਰਨ ਦੀ ਹਦਾਇਤ*
- ਕਿਹਾ, ਕਿਸਾਨਾਂ ਨੂੰ ਮੰਡੀਆਂ ’ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ
ਜਲੰਧਰ, 18 ਅਪ੍ਰੈਲ :
ਮੀਂਹ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਬੰਧਿਤ ਅਧਿਕਾਰੀਆਂ ਨੂੰ ਤਰਪਾਲਾਂ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਨੂੰ ਬਾਰਿਸ਼ ਤੋਂ ਬਚਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ।
ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਲੋੜੀਂਦੀਆਂ ਤਰਪਾਲਾਂ ਦੀ ਉਪਲਬਧਤਾ ਅਗੇਤੇ ਤੌਰ 'ਤੇ ਹੀ ਯਕੀਨੀ ਬਣਾਈ ਜਾਵੇ, ਤਾਂ ਜੋ ਮੰਡੀਆਂ ਵਿੱਚ ਆਏ ਅਨਾਜ ਦੇ ਢੇਰਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧਾਂ ਤੋਂ ਇਲਾਵਾ ਪਹਿਲ ਦੇ ਅਧਾਰ 'ਤੇ ਤਰਪਾਲਾਂ ਆਦਿ ਦੇ ਪ੍ਰਬੰਧ ਹਰ ਮੰਡੀ ਵਿੱਚ ਕੀਤੇ ਜਾਣ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਣਕ ਦੇ ਸੀਜ਼ਨ ਨੂੰ ਨਿਰਵਿਘਨ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦਹੁਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਵਿਕਰੀ ਲਈ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਬਿਨ੍ਹਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ, ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਢਲੀ ਤਰਜ਼ੀਹ ਹੈ।