ਜ਼ਿਲ੍ਹੇ ’ਚ 2100 ਮੀਟਰਿਕ ਟਨ ਕਣਕ ਦੀ ਖ਼ਰੀਦ, 100 ਫੀਸਦੀ ਕਿਸਾਨਾਂ ਨੂੰ ਕੀਤੀ ਅਦਾਇਗੀ
ਜ਼ਿਲ੍ਹੇ ’ਚ 2100 ਮੀਟਰਿਕ ਟਨ ਕਣਕ ਦੀ ਖ਼ਰੀਦ, 100 ਫੀਸਦੀ ਕਿਸਾਨਾਂ ਨੂੰ ਕੀਤੀ ਅਦਾਇਗੀ
- ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਨੇ ਨਵੀਂ ਅਨਾਜ ਮੰਡੀ ਜਲੰਧਰ 'ਚ ਕਣਕ ਦੀ ਸ਼ੁਰੂ ਕਰਵਾਈ ਖ਼ਰੀਦ
- ਜ਼ਮੀਨੀ ਪੱਧਰ ’ਤੇ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖ਼ਰੀਦ ਏਜੰਸੀਆਂ ਨਾਲ ਕੀਤੀ ਮੀਟਿੰਗ
ਜਲੰਧਰ, 17 ਅਪ੍ਰੈਲ
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਾਲ ਜਲੰਧਰ ਦੀ ਨਵੀਂ ਅਨਾਜ ਮੰਡੀ ਵਿਖੇ ਕਣਕ ਦੀ ਢੇਰੀ ਪੁੱਜਣ ’ਤੇ ਰਸਮੀ ਤੌਰ ’ਤੇ ਕਣਕ ਦੀ ਖ਼ਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ।
ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਦੋਵਾਂ ਵਲੋਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਹਨਾਂ ਨੂੰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ, ਸਮੇਂ ਸਿਰ ਚੁਕਾਈ ਅਤੇ ਕਿਸਾਨਾਂ ਨੂੰ ਤੁਰੰਤ ਅਦਾਇਗੀ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ।
ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੇ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆ 79 ਮੰਡੀਆਂ ਵਿੱਚ 5.25 ਲੱਖ ਮੀਟਰਿਕ ਟਨ ਕਣਕ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 2101 ਮੀਟਰਿਕ ਟਨ ਕਣਕ ਦੀ ਮੰਡੀਆਂ ਵਿੱਚ ਆਮਦ ਹੋਈ ਹੈ, ਜਿਸ ਦੀ ਖ਼ਰੀਦ ਕਰਕੇ 100 ਫੀਸਦੀ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਗੁਰਪਾਲ ਸਿੰਘ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦੁਹਰਉਂਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਸਲ ਦੀ ਬੰਪਰ ਪੈਦਾਵਾਰ ਨੂੰ ਦੇਖਦਿਆਂ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 29 ਆਰਜ਼ੀ ਮੰਡੀਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਵਲੋਂ ਮੰਡੀਆਂ ਵਿੱਚ ਕੀਤੇ ਜਾਣ ਵਾਲੇ ਸਾਰੇ ਲੋੜੀਂਦੇ ਪ੍ਰਬੰਧਾਂ ਜਿਵੇਂ ਕਿ ਪੀਣ ਯੋਗ ਪਾਣੀ, ਸੈਨੀਟੇਸ਼ਨ, ਛਾਂ, ਤਰਪਾਲਾਂ, ਲੋੜੀਂਦੀ ਮਾਤਰਾ ਵਿੱਚ ਬਾਰਦਾਨੇ ਦੀ ਉਪਲਬੱਧਤਾ ਆਦਿ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਭਰੋਸਾ ਦੁਆਇਆ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਗਾਖਲ ਪਿੰਡ ਤੋਂ ਕਿਸਾਨ ਸੰਤੋਖ ਸਿੰਘ ਜੋ ਕਿ ਨਵੀਂ ਅਨਾਜ ਮੰਡੀ, ਜਲੰਧਰ ਵਿਖੇ ਪਹਿਲੀ ਕਣਕ ਦੀ ਢੇਰੀ ਲੈ ਕੇ ਆਏ ਸਨ, ਵਲੋਂ ਕਣਕ ਦੀ ਸੁਚੱਜੀ ਖ਼ਰੀਦ ਪ੍ਰਕਿਰਿਆ ਲਈ ਕੀਤੇ ਗਏ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ।