ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਕਪੂਰਥਲਾ
ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ
ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਸਬੰਧੀ ਸਿਆਸੀ ਪਾਰਟੀਆਂ ਨੂੰ 20 ਸਤੰਬਰ ਸੁਝਾਅ ਪੇਸ਼ ਕਰਨ ਲਈ ਕਿਹਾ
20 ਸਤੰਬਰ ਤੋਂ 20 ਅਕਤੂਬਰ ਤੱਕ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਵੈਰੀਫਿਕੇਸ਼ਨ ਕਰਨਗੇ ਬੀ.ਐਲ.ਓਜ਼
ਕਪੂਰਥਲਾ, 5 ਸਤੰਬਰ:
ਭਾਰਤੀ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1-1-2025 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਬੂਥ ਲੈਵਲ ਅਫਸਰਾਂ ਵਲੋਂ 20 ਸਤੰਬਰ ਤੋਂ 20 ਅਕਤੂਬਰ ਤੱਕ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਵੈਰੀਫਿਕੇਸ਼ਨ ਦਾ ਕੰਮ ਕੀਤਾ ਜਾਵੇਗਾ।
ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼ਿਖਾ ਭਗਤ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਰਸਰੀ ਸੁਧਾਈ ਬਾਰੇ ਜਾਣੂ ਕਰਵਾਇਆ ਗਿਆ ਉਥੇ ਹੀ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਸਬੰਧੀ ਵੀ 20 ਅਕਤੂਬਰ ਤੱਕ ਸੁਝਾਅ ਸਬੰਧਿਤ ਚੋਣ ਹਲਕੇ ਦੇ ਉਪ ਮੰਡਲ ਮੈਜਿਸਟਰੇਟ ਨੂੰ ਦੇਣ ਲਈ ਕਿਹਾ ਗਿਆ।
ਦੱਸਣਯੋਗ ਹੈ ਕਿ ਜ਼ਿਲ੍ਹੇ ਵਿਚ 791 ਪੋਲਿੰਗ ਸਟੇਸ਼ਨ ਹਨ,ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਇਕ ਪੋਲਿੰਗ ਸਟੇਸ਼ਨ ਉੱਪਰ ਵੱਧ ਤੋਂ ਵੱਧ 1500 ਵੋਟਰ ਹੋ ਸਕਦੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਸਰੀ ਸੁਧਾਈ ਪ੍ਰੋਗਰਾਮ ਤਹਿਤ ਖਰੜਾ ਵੋਟਰ ਸੂਚੀ 29 ਅਕਤੂਬਰ 2024 ਨੂੰ ਪ੍ਰਕਾਸ਼ਿਤ ਹੋਵੇਗੀ, ਜਦਕਿ 28 ਨਵੰਬਰ 2024 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।
ਇਸ ਤੋਂ ਇਲਾਵਾ 9,10, 23 ਅਤੇ 24 ਨਵੰਬਰ ਨੂੰ ਸਪੈਸ਼ਨ ਕੈਂਪਾਂ ਦੌਰਾਨ ਬੀ.ਐਲ.ਓਜ਼ ਸਬੰਧਿਤ ਪੋਲਿੰਗ ਬੂਥ ਉੱਪਰ ਆਮ ਜਨਤਾ ਪਾਸੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨਗੇ।
ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਸਰਸਰੀ ਸੁਧਾਈ ਦੌਰਾਨ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਤਰੁੱਟੀ ਰਹਿਤ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ।
ਉਨ੍ਹਾਂ ਇਹ ਵੀ ਦੱਸਿਆ ਕਿ 24 ਦਸੰਬਰ ਨੂੰ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵਗੇ, ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 6 ਜਨਵਰੀ 2025 ਨੂੰ ਹੋਵੇਗੀ।
ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਤਿਆਰੀ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਸਬੰਧਿਤ ਵਿਧਾਨ ਸਭਾ ਚੋਣ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਪਾਸੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਦਫਤਰ ਵਿਖੇ ਸਥਾਪਿਤ ਵੋਟਰ ਹੈੱਲਪਲਾਈਨ 1950 ਰਾਹੀਂ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਕੈਪਸ਼ਨ - ਕਪੂਰਥਲਾ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਿਖਾ ਭਗਤ ।