ਡਿਪਟੀ ਕਮਿਸ਼ਨਰ ਨੇ ਅਹਿਮਦਗੜ੍ਹ ਦੇ ਪਿੰਡ ਕਸਬਾ ਭੁਰਾਲ ਵਿਖੇ ਜਨ ਸੁਣਵਾਈ ਕੈਂਪ ਲਗਾਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
"ਪੰਜਾਬ ਸਰਕਾਰ ਤੁਹਾਡੇ ਦੁਆਰ"
ਡਿਪਟੀ ਕਮਿਸ਼ਨਰ ਨੇ ਅਹਿਮਦਗੜ੍ਹ ਦੇ ਪਿੰਡ ਕਸਬਾ ਭੁਰਾਲ ਵਿਖੇ ਜਨ ਸੁਣਵਾਈ ਕੈਂਪ ਲਗਾਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
* ਜ਼ਿਲ੍ਹਾ ਪ੍ਰਸਾਸ਼ਨ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ
ਨੇਪਰੇ ਚਾੜ੍ਹਨ ਲਈ ਵਚਨਬੱਧ- ਡਾ ਪੱਲਵੀ
ਅਹਿਮਦਗੜ੍ਹ/ਮਾਲੇਰੋਕਟਲਾ 15 ਜਨਵਰੀ :
ਜ਼ਿਲ੍ਹਾ ਪ੍ਰਸਾਸ਼ਨ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ, ਜਿਸ ਤਹਿਤ ਲੋਕਾਂ ਦੇ ਘਰਾਂ ਦੇ ਨਜ਼ਦੀਕ ਅਤੇ ਪਿੰਡ ਪੱਧਰ ’ਤੇ "ਪੰਜਾਬ ਸਰਕਾਰ ਤੁਹਾਡੇ ਦੁਆਰ" ਤਹਿਤ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕੀਤਾ ਜਾ ਰਿਹਾ ਤਾਂ ਜੋ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦੂਰ ਦੁਰਾਡੇ ਸਥਿਤ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ । ਇਸੇ ਕੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਕਸਬਾ ਭੁਰਾਲ ਵਿਖੇ ‘ਜਨ ਸੁਣਵਾਈ ਕੈਂਪ ‘ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਐਸ.ਡੀ.ਐਮ. ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਮਨਮੋਹਨ ਸਰਮਾਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀਮਤੀ ਬਬਲਜੀਤ ਕੌਰ, ਖੇਤੀਬਾੜੀ ਵਿਕਾਸ ਅਫ਼ਸਰ ਡਾ ਕੁਲਵੀਰ ਸਿੰਘ, ਮੁਹੰਮਦ ਇਮਰਾਨ (ਬੀ.ਐਮ.ਓ) ਤੋਂ ਇਲਾਵਾ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀ ਮੌਜੂਦ ਸਨ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਜ਼ਿਲ੍ਹੇ 'ਚ ਸਮੇਂ ਸਮੇਂ 'ਤੇ 'ਤੁਹਾਡੀ ਸਰਕਾਰ ਤੁਹਾਡੇ ਦੁਆਰ' ਤਹਿਤ ਜਨ ਸੁਵਿਧਾ, ਜਨ ਸੁਣਵਾਈ ਤੇ ਮਾਲ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਇਸ ਲੜੀ ਤਹਿਤ ਜਿਥੇ ਪਿੰਡਾਂ ਤੇ ਸ਼ਹਿਰਾਂ 'ਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਉਥੇ ਹੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਲੋਕਾਂ ਨੂੰ ਇੱਕੋ ਛੱਤ ਧੱਲੇ ਸੇਵਾਵਾਂ ਦੇਣ ਲਈ ਜ਼ਿਲ੍ਹੇ ਵਿੱਚ 09 ਸੇਵਾ ਕੇਂਦਰ ਕਾਰਜਸ਼ੀਲ ਹਨ ਜਿਨ੍ਹਾਂ ਤੋਂ ਸਾਲ 2023 ਦੌਰਾ 55,368 ਲੋਕਾਂ ਨੂੰ ਵੱਖ ਵੱਖ ਸੇਵਾਵਾਂ ਮੁਹਈਆ ਕਰਵਾਈਆਂ ਗਈਆਂ ਜਦ ਕਿ ਘਰ ਬੈਠਕੇ ਹੀ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਦੀ ਯੋਜਨਾ ਵੀ ਸ਼ੁਰੂ ਹੋਈ ਜਿਸ ਤਹਿਤ ਕੋਈ ਵੀ 1076 ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਰੇਕ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਦਾ ਕਰਨ ਦੇ ਵੀ ਨਿਰਦੇਸ਼ ਦਿੱਤੇ।
ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਚੱਲ ਰਹੇ ਕੰਮ 'ਚ ਹੋਰ ਤੇਜ਼ੀ ਲਿਆਉਣ ਅਤੇ ਗੁਣਵੰਤਾ ਦਾ ਵਿਸ਼ੇਸ ਧਿਆਨ ਰੱਖਣ ਦੇ ਵਿਸ਼ੇਸ ਨਿਰਦੇਸ਼ ਦਿੱਤੇ । ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੇਂ ਵਿਕਾਸ ਕਾਰਜ ਸ਼ੁਰੂ ਕਰਨ ਤੋਂ ਪਹਿਲਾ ਪਿੰਡ ਨਿਵਾਸੀਆਂ ਦੀਆਂ ਜਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਨਵੀਂ ਵਿਕਾਸ ਕਾਰਜਾਂ ਦੀਆਂ ਯੋਜਨਾਵਾਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ।ਇਸ ਮੌਕੇ ਪਿੰਡ ਦੇ ਸਰਪੰਚ ਸਤਪਾਲ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਪਿੰਡ ਦੀਆਂ ਸਾਂਝੀ ਸਮੱਸਿਆਵਾਂ ਤੋਂ ਅਵਗਤ ਕਰਵਾਇਆ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡਾਂ ਦੇ ਲੋਕਾਂ ਦੀਆਂ ਨਿੱਜੀ ਅਤੇ ਸਮੂਹਿਕ ਸਮੱਸਿਆਵਾਂ ਸੁਣੀਆਂ ਅਤੇ ਉਥੇ ਹੀ ਸਮਸਿਆਵਾਂ ਦੇ ਹੱਲ ਲਈ ਉਪਰਾਲੇ ਕੀਤੇ ਗਏ। ਉਨ੍ਹਾਂ ਕਿਹਾ ਕਿ ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਉਹ ਖ਼ੁਦ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਕੋਈ ਵੀ ਲੋੜਵੰਦ ਵਾਂਝਾ ਨਾ ਰਹਿ ਜਾਵੇ ।
ਅੱਜ ਪਿੰਡਾਂ ਦੇ ਲੋਕਾਂ ਦੀਆਂ ਸਿਹਤ, ਮਾਲ, ਪੁਲਿਸ, ਸਿੱਖਿਆ, ਪੀ.ਐਸ.ਪੀ.ਸੀ.ਐਲ.ਜਲ ਸਪਲਾਈ ਅਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ, ਖ਼ੁਰਾਕ ਅਤੇ ਸਪਲਾਈ, ਡਰੇਨੇਜ, ਖੇਤੀਬਾੜੀ, ਸਹਿਕਾਰੀ, ਡੇਅਰੀ ਵਿਕਾਸ ਆਦਿ ਵਿਭਾਗਾਂ ਨਾਲ ਸਬੰਧਤ ਸਿਕਾਇਤਾਂ ਸੁਣੀਆਂ ਗਈਆਂ ਅਤੇ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ਤੇ ਹੀ ਜਿਆਦਾਤਰ ਦਰਖਾਸਤਾਂ ਪ੍ਰਾਪਤ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆ ਕੇ ਜ਼ਿਆਦਾਤਰ ਸਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ , ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ ਨਹੀਂ ਹੋਇਆ,ਉਨ੍ਹਾਂ ਦਾ ਜਲਦ ਹੀ ਸਬੰਧਤ ਵਿਭਾਗਾਂ ਵਲੋਂ ਨਿਪਟਾਰਾ ਕਰ ਦਿੱਤਾ ਜਾਵੇਗੀ ।