ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਾਲਜ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਕੀਤਾ ਜਾਗਰੂਕ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਾਲਜ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਕੀਤਾ ਜਾਗਰੂਕ
-ਸਰਕਾਰੀ ਮਹਿੰਦਰਾ ਕਾਲਜ ਦੇ ਵਿਦਿਆਰਥੀਆਂ ਕੇ.ਵੀ.ਕੇ. ਦਾ ਕੀਤਾ ਦੌਰਾ
ਪਟਿਆਲਾ, 19 ਫਰਵਰੀ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ 60 ਵਿਦਿਆਰਥੀਆਂ ਨੇ ਭਾਗ ਲੈਂਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਦੌਰਾ ਕੀਤਾ।
ਸੈਮੀਨਾਰ ਵਿੱਚ ਡਿਪਟੀ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਡਾ. ਹਰਦੀਪ ਸਿੰਘ ਸਭਿਖੀ ਨੇ ਕੇ.ਵੀ.ਕੇ. ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਕਰਕੇ ਹੋਣ ਵਾਲੇ ਨੁਕਸਾਨਾਂ ਪ੍ਰਤੀ ਜਾਗਰੂਕ ਕੀਤਾ। ਡਾ. ਸਭਿਖੀ ਨੇ ਉਹਨਾਂ ਨੂੰ ਇਕ ਸਿਹਤਮੰਦ ਜੀਵਨ ਜਿਊਣ ਲਈ ਸ਼ਹਿਦ ਦੀ ਰੋਜ਼ਾਨਾ ਵਰਤੋਂ ਕਰਨ ਅਤੇ ਮਧੂਮੱਖੀ ਪਾਲਣ ਬਾਰੇ ਬਾਰੇ ਵੀ ਜਾਣਕਾਰੀ ਦਿੱਤੀ।
ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਗੁਰਪ੍ਰੀਤ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਪਰਾਲੀ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ ਸਮੇਂ ਦੀ ਲੋੜ ਅਨੁਸਾਰ ਵਾਤਾਵਰਨ ਨੂੰ ਬਚਾਉਣ ਲਈ ਖੇਤੀਬਾੜੀ ਦੇ ਢੰਗਾਂ ਵਿਚ ਲੋੜੀਂਦੀ ਤਬਦੀਲੀ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਥਾਪਿਤ ਵੱਖ ਵੱਖ ਢੰਗਾਂ ਨਾਲ ਝੋਨੇ ਦੀ ਪਰਾਲੀ ਦੀ ਖੇਤ ਵਿੱਚ ਸੰਭਾਲ ਦੀਆਂ ਪ੍ਰਦਰਸ਼ਨੀਆਂ ਦੇਖੀਆਂ ਅਤੇ ਝੋਨੇ ਦੀ ਪਰਾਲੀ ਦੀ ਖੇਤ ਵਿੱਚ ਸੰਭਾਲ ਅਤੇ ਕਣਕ ਦੀ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਅਤੇ ਸਮਾਰਟ ਸੀਡਰ ਦੀ ਜਾਣਕਾਰੀ ਲਈ। ਇਸ ਦੌਰਾਨ ਉਹਨਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਵੱਖ ਵੱਖ ਯੂਨਿਟਾਂ ਜਿਵੇਂ ਕਿ ਤਕਨਾਲੋਜੀ ਪਾਰਕ, ਮਸ਼ੀਨਰੀ ਬੈਂਕ ਅਤੇ ਫਲ਼ ਅਤੇ ਸਬਜ਼ੀਆਂ ਦੀ ਘਰੇਲੂ ਬਗੀਚੀ ਦਾ ਵੀ ਦੌਰਾ ਕੀਤਾ।
ਇਸ ਸੈਮੀਨਾਰ ਵਿੱਚ ਕਾਲਜ ਦੇ ਜੀਵ ਵਿਗਿਆਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਲਖਵਿੰਦਰ ਕੌਰ, ਹਰਸਿਮਰਤ ਕੌਰ ਅਤੇ ਰਾਜਿੰਦਰ ਕੌਰ ਨੇ ਵੀ ਸ਼ਿਰਕਤ ਕੀਤੀ ਅਤੇ ਕੇ.ਵੀ.ਕੇ. ਪਟਿਆਲਾ ਦਾ ਧੰਨਵਾਦ ਕੀਤਾ।