ਡੀ.ਏ.ਪੀ. ਖਾਦ ਦੀ ਚੈਕਿੰਗ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਸਰਗਰਮ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਡੀ.ਏ.ਪੀ. ਖਾਦ ਦੀ ਚੈਕਿੰਗ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਸਰਗਰਮ
ਕਿਹਾ, ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਭੁਨਰਹੇੜੀ/ਪਟਿਆਲਾ 17 ਨਵੰਬਰ:
ਮੁੱਖ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਡੀ.ਏ.ਪੀ.ਖਾਦ ਦੀ ਚੈਕਿੰਗ ਕਰਨ ਲਈ ਬਲਾਕ ਖੇਤੀਬਾੜੀ ਅਫ਼ਸਰ, ਭੁਨੱਰਹੇੜੀ ਅਤੇ ਸਨੌਰ ਦੀ ਟੀਮ ਨੇ ਵੱਖ-ਵੱਖ ਥਾਵਾਂ ਤੇ ਜਾ ਕੇ ਵੱਖ-ਵੱਖ ਖਾਦ ਵਿਕਰੇਤਾਵਾਂ ਨਾਲ ਬੈਠਕਾਂ ਕੀਤੀਆਂ। ਮੀਟਿੰਗ ਵਿੱਚ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਵਿਕਰੇਤਾਵਾਂ ਨੂੰ ਕਿਹਾ ਕਿ ਉਹ ਆਪਣੇ ਲਾਇਸੈਂਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਰੱਖਣ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ।
ਮੀਟਿੰਗ ਉਪਰੰਤ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬਲਾਕ ਭੁੱਨਰਹੇੜੀ ਦੇ ਖੇਤਰ ਦੇਵੀਗੜ੍ਹ ਅਤੇ ਡਕਾਲਾ ਵਿਖੇ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਵੀ ਚੈੱਕ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖਾਦ ਸਮੱਗਰੀ ਵੇਚੀ ਜਾਂਦੀ ਹੈ, ਉਸ ਦਾ ਪੱਕਾ ਬਿਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਖੇਤੀ ਸਮੱਗਰੀ ਹੀ ਕਿਸਾਨਾਂ ਨੂੰ ਵੇਚੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ। ਟੀਮ ਵੱਲੋਂ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਤੇ ਡੀ.ਏ.ਪੀ. ਖਾਦ ਦੇ ਭੰਡਾਰ ਦੀ ਚੈਕਿੰਗ ਕੀਤੀ ਗਈ ਅਤੇ ਉਹਨਾਂ ਨੂੰ ਇਹ ਹਦਾਇਤ ਕੀਤੀ ਗਈ ਕਿ ਜੇਕਰ ਕਿਸੇ ਵੀ ਖਾਦ ਵਿਕਰੇਤਾ ਵੱਲੋਂ ਖਾਦ ਜਮ੍ਹਾਂ ਕੀਤੀ ਜਾਂਦੀ ਹੈ ਜਾਂ ਕਾਲਾਬਾਜ਼ਾਰੀ ਕੀਤੀ ਜਾਂਦੀ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਅਤੇ ਦੁਕਾਨਾਂ ਦੀ ਚੈਕਿੰਗ ਦੌਰਾਨ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ , ਡਾ. ਵਿਮਲਪ੍ਰੀਤ ਸਿੰਘ ਅਤੇ ਡਾ. ਜਸਪ੍ਰੀਤ ਸਿੰਘ ਰੰਧਾਵਾ ਸ਼ਾਮਲ ਸਨ ।