ਪੰਚਾਂ ਨੂੰ ਸਹੁੰ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਚੁਕਾਉਂਣਗੇ
ਰੂਪਨਗਰ,18 ਨਵੰਬਰ: ਪੰਜਾਬ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਰੂਪਨਗਰ ਜ਼ਿਲ੍ਹੇ ਦੀਆਂ ਗ੍ਰਾਮ ਪੰਚਾਇਤਾਂ ਦੇ ਨਵੇਂ ਚੁਣੇ ਗਏ ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਅੱਜ 19 ਨਵੰਬਰ, ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਪੁਲਿਸ ਲਾਈਨ ਗਰਾਊਂਡ ਰੂਪਨਗਰ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਜ਼ਿਲ੍ਹੇ ਦੇ ਲਗਭਗ 3400 ਦੇ ਕਰੀਬ ਪੰਚਾਂ ਨੂੰ ਅਹੁਦੇ ਦੀ ਸਹੁੰ ਲੋਕ ਸੰਪਰਕ ਵਿਭਾਗ, ਸਕੂਲੀ ਸਿੱਖਿਆ, ਉਚੇਰੀ ਸਿੱਖਿਆ ਤੇ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਚੁਕਾਈ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀਮਤੀ ਚੰਦਰਜਯੋਤੀ ਸਿੰਘ ਵੱਲੋਂ ਅੱਜ ਹੋਣ ਵਾਲੇ ਇਸ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹੁਕਮ ਦਿੱਤੇ ਗਏ ਕਿ ਉਹ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਆਵਾਜ਼ਾਈ, ਪੀਣ ਵਾਲੇ ਪਾਣੀ, ਸੁਰੱਖਿਆ ਆਦਿ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ। ਇਸ ਤੋਂ ਇਲਾਵਾ ਸਮਾਗਮ ਵਾਲੀ ਥਾਂ ਦੀ ਸਾਫ-ਸਫਾਈ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤ ਜਾਰੀ ਕੀਤੀ।
ਸ਼੍ਰੀਮਤੀ ਚੰਦਰਜਯੋਤੀ ਸਿੰਘ ਨੇ ਕਿਹਾ ਕਿ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਇਸ ਸਬੰਧੀ ਸਾਰਿਆਂ ਅਧਿਕਾਰੀਆਂ ਤੇ ਦੀਆਂ ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਇਸ ਸਮਾਗਮ ਨੂੰ ਸਫਲ ਬਣਾਇਆ ਜਾ ਸਕੇ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਧਨਵੰਤ ਸਿੰਘ ਰੰਧਾਵਾ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਕਰਨ ਮਹਿਤਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੂਪਨਗਰ ਸ. ਰਵਿੰਦਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਇਸ਼ਾਨ ਚੌਧਰੀ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਚਮਕੌਰ ਸਾਹਿਬ ਸ. ਅਜੈਬ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੋਰਿੰਡਾ ਸ. ਰਾਜਵਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਗਣੇਸ਼ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।