ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਸਰਕਾਰੀ ਕਾਲਜ ਰੋਪੜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ
ਰੂਪਨਗਰ, 14 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ, ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਸਰਕਾਰੀ ਕਾਲਜ ਰੋਪੜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਅਤੇ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾਕਟਰ ਚਰਨਜੀਤ ਸਿੰਘ ਵਿਸ਼ੇਸ਼ ਤੌਰ ਉੱਤੇ ਪਹੁੰਚੇ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਭਾਰਤ ਰਤਨ ਡਾਕਟਰ ਭੀਮ ਰਾਓ ਦੀ ਸਖਸ਼ੀਅਤ ਬਹੁਤ ਵੱਡੀ ਅਤੇ ਮਹਾਨ ਹੈ ਅਤੇ ਵਿਦਿਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਚੁੱਜੇ ਤਰੀਕੇ ਨਾਲ ਸੰਚਾਲਿਤ ਕੀਤੀ ਜਾ ਰਹੀ ਹੈ ਜਿਲ੍ਹਾ ਰੂਪਨਗਰ ਵਿੱਚ ਸੈਸ਼ਨ 2024-25 ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਐੱਸ.ਸੀ. ਸਕੀਮ ਅਧੀਨ ਡੀ.ਬੀ.ਟੀ ਮੋਡ (ਡਾਇਰੈਕਟ ਬੈਨੀਫਿਸ਼ਰੀ ਟਰਾਂਸਫਰ) ਰਾਹੀਂ ਲਾਭਪਾਤਰੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ 40 ਪ੍ਰਤੀਸ਼ਤ ਰਾਸ਼ੀ, 3 ਹਜ਼ਾਰ ਵਿਦਿਆਰਥੀਆਂ ਨੂੰ 2 ਕਰੋੜ 63 ਲੱਖ ਦੇ ਕਰੀਬ ਰੁਪਏ ਜਾਰੀ ਕੀਤੀ ਚੁੱਕੀ ਹੈ ਤਾਂ ਕਿ ਵਿਦਿਆਰਥੀ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਬਾਕੀ ਰਹਿੰਦੇ 60 ਪ੍ਰਤੀਸ਼ਤ ਸਕਾਲਰਸ਼ਿਪ ਰਾਸ਼ੀ ਦਾ ਭੁਗਤਾਨ ਜਲਦ ਹੀ ਕਰ ਦਿੱਤਾ ਜਾਵੇਗਾ।
ਐਡਵੋਕੇਟ ਦਿਨੇਸ਼ ਚੱਡਾ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਤਹਿਤ ਵੀ 51000 ਰੁਪਏ ਗਰੀਬ ਲੜਕੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਰੂਪਨਗਰ ਜ਼ਿਲ੍ਹੇ ਵਿੱਚ 2024-25 ਦੌਰਾਨ ਇਸ ਸਕੀਮ ਤਹਿਤ 1055 ਲਾਭਪਤਰੀਆਂ ਨੂੰ 5 ਕਰੋੜ 38 ਲੱਖ ਰੁਪਏ ਦੇ ਕਰੀਬ ਲਾਭ ਦਿੱਤੇ ਜਾ ਚੁੱਕੇ ਹਨ।
ਉਹਨਾਂ ਕਿਹਾ ਕਿ ਅੰਤਰਰਾਜੀ ਵਿਆਹ ਸਕੀਮ ਤਹਿਤ 50 ਹਜਾਰ ਰੁਪਏ ਪ੍ਰਤੀ ਲਾਭਪਾਤਰੀ ਵਿੱਤੀ ਸਹਾਇਤਾ ਵੀ ਦਿੱਤੀ ਜਾਂਦੀ ਹੈ ਜਿਸ ਵਿੱਚ ਜ਼ਿਲ੍ਹੇ ਦੇ 2024-25 ਦੌਰਾਨ 46 ਲਾਭਪਾਤਰੀਆਂ ਨੂੰ 23 ਲੱਖ ਰੁਪਏ ਦੇ ਲਾਭ ਦਿੱਤੇ ਗਏ ਹਨ।
ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾਕਟਰ ਚਰਨਜੀਤ ਸਿੰਘ ਨੇ ਸਮੂਹ ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ, ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਤੇ ਭਾਰਤ ਰਤਨ ਨਾਲ ਸਨਮਾਨਿਤ ਡਾਕਟਰ ਭੀਮ ਰਾਓ ਅੰਬੇਡਕਰ ਯੁੱਗ ਪੁਰਸ਼ ਸਨ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਦਲਿਤ, ਸ਼ੋਸ਼ਿਤ ਤੇ ਕਮਜ਼ੋਰ ਵਰਗਾਂ ਨੂੰ ਉਚਿਤ ਥਾਂ ਦਿਵਾਉਣ ਲਈ ਹੀ ਨਹੀਂ ਲਾਇਆ ਸਗੋਂ ਆਪਣੇ ਜੀਵਨ ’ਚ ਸਮਾਜਿਕ, ਆਰਥਿਕ, ਰਾਜਨੀਤਕ, ਵਿੱਦਿਅਕ, ਧਾਰਮਿਕ, ਔਰਤਾਂ ਨੂੰ ਸਨਮਾਨ ਦਿਵਾਉਣ ਤੇੇ ਸੰਵਿਧਾਨਕ ਖੇਤਰਾਂ ’ਚ ਵੀ ਵਡਮੁੱਲਾ ਯੋਗਦਾਨ ਪਾਇਆ।
ਉਨ੍ਹਾਂ ਕਿਹਾ ਕਿ ਡਾਕਟਰ ਸਾਹਿਬ ਦੇ ਸੰਘਰਸ਼ ਪੂਰਨ ਜ਼ਿੰਦਗੀ ਤੋਂ ਸਾਨੂੰ ਸੇਧ ਲੈ ਕੇ ਉੱਚ ਸਿੱਖਿਆ ਪ੍ਰਾਪਤ ਕਰਕੇ ਸਮਾਜ ਵਿੱਚ ਲੋੜਵੰਦਾਂ ਦੀ ਸੇਵਾ ਕਰਨੀ ਚਾਹੀਦੀ ਹੈ ਅਤੇ ਆਪਣਾ ਜੀਵਨ ਲੋਕ ਸੇਵਾ ਹਿਤ ਸਮਰਪਣ ਕਰਨਾ ਚਾਹੀਦਾ ਹੈ।
ਇਸ ਉਪਰੰਤ ਅਨੁਸੂਚਿਤ ਜਾਤੀਆਂ ਪਛੜੀ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀਆਂ ਭਲਾਈ ਸਕੀਮਾਂ ਨੂੰ ਦਰਸਾਉਂਦੀ ਪੰਜਾਬ ਸਰਕਾਰ ਵੱਲੋਂ ਛਾਪੀ ਪੁਸਤਕ ਵੀ ਰਿਲੀਜ਼ ਕੀਤੀ ਗਈ ਅਤੇ ਸਰਕਾਰੀ ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਅਤੇ ਨਰਸਿੰਗ ਕਾਲਜ ਦੀ ਵਿਦਿਆਰਥਣ ਸੋਨੀਆ ਵਲੋਂ ਬਾਬਾ ਸਾਹਿਬ ਦੇ ਜੀਵਨ ਸੰਬੰਧੀ ਭਾਸ਼ਣ ਵੀ ਦਿੱਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਯੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਐਸਡੀਐਮ ਰੂਪਨਗਰ ਸਚਿਨ ਪਾਠਕ, ਚੇਅਰਮੈਨ ਇੰਪਰੂਵਮੈਂਟ ਟਰਸਟ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਮਾਰਕੀਟ ਕਮੇਟੀ ਭਾਗ ਸਿੰਘ ਮੈਦਾਨ, ਡੀ ਪੀ ਆਰ ਓ ਕਰਨ ਮਹਿਤਾ, ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ ਅਫ਼ਸਰ ਸ਼੍ਰੀ ਸੰਜੀਵ ਕੁਮਾਰ, ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਵਾਈਸ ਪ੍ਰਿੰਸੀਪਲ ਹਰਜੀਤ ਸਿੰਘ, ਡਾ਼ ਨਿਰਮਲ ਸਿੰਘ ਬਰਾੜ, ਡਾ਼ ਦਲਵਿੰਦਰ ਸਿੰਘ, ਪ੍ਰੋ ਰਾਜਵਿੰਦਰ ਸਿੰਘ, ਡਾ਼ ਜਤਿੰਦਰ ਕੁਮਾਰ, ਪ੍ਰੋ ਮਨਜਿੰਦਰ ਸਿੰਘ, ਰਜਿੰਦਰ ਸਿੰਘ ਰਾਜਾ, ਐਡਵੋਕੇਟ ਚਰਨਜੀਤ ਸਿੰਘ ਘਈ, ਪ੍ਰਿੰਸੀਪਲ ਨਰਸਿੰਗ ਕਾਲਜ ਦਲਦੀਪ ਕੌਰ ਅਤੇ ਹੋਰ ਪਤਵੰਤੇ ਸੱਜਣ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਹਾਜ਼ਰ ਸਨ।