ਸਿਹਤ ਵਿਭਾਗ ਵੱਲੋਂ ਨਸ਼ਾ ਪੀੜਤ ਵਿਅਕਤੀਆਂ ਦਾ ਨਸ਼ਾ ਛੁਡਾਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ
ਸਿਹਤ ਵਿਭਾਗ ਵੱਲੋਂ ਨਸ਼ਾ ਪੀੜਤ ਵਿਅਕਤੀਆਂ ਦਾ ਨਸ਼ਾ ਛੁਡਾਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ
ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਕਿੰਨ੍ਹਾ ਵੀ ਨਸ਼ਾ ਕਰਦਾ ਹੋਵੇ,ਬਿਨ੍ਹਾਂ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ: ਡਿਪਟੀ ਮੈਡੀਕਲ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 06 ਸਤੰਬਰ
ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ, ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਹੁਕਮਾਂ ਅਨੁਸਾਰ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਦੀ ਇੰਸਪੈਕਸ਼ਨ ਟੀਮ ਵਲੋਂ ਸਿਵਲ ਹਸਪਤਾਲ ਮਲੋਟ ਵਿਖੇ ਚੱਲ ਰਹੇ ਨਸ਼ਾ ਛੁਡਾਉ ਕੇਂਦਰ ਦੀ ਇੰਸਪੈਕਸ਼ਨ ਕੀਤੀ ਗਈ ਅਤੇ ਨਸ਼ਾ ਛੱਡਣ ਲਈ ਦਾਖਲ ਹੋਏ ਮਰੀਜਾਂ ਦਾ ਹਾਲ ਜਾਣਿਆ ਗਿਆ।
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਾ. ਸੰਜੀਵ ਕੁਮਾਰ ਪੀ.ਸੀ.ਐਸ,ਐਸ.ਡੀ.ਐਮ. ਮਲੋਟ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਨਸ਼ਾ ਛੁਡਾਉ ਕੇਂਦਰ ਸਥਾਪਤ ਕੀਤੇ ਗਏ ਹਨ,ਜਿੱਥੇ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਬਿਨਾ ਤਕਲੀਫ ਤੋਂ ਅਤੇ ਬਿਲਕੁਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਤੋਂ ਬਾਅਦ ਕੋਈ ਵੀ ਵਿਅਕਤੀ ਪੁਨਰਵਾਸ ਕੇਂਦਰ ਥੇਹੜੀ ਵਿਖੇ ਦਾਖਲ ਹੋ ਸਕਦਾ ਹੈ, ਜਿੱਥੇ ਕੇ ਉਸਨੂੰ ਲੋੜੀਂਦੀ ਮੈਡੀਕਲ ਸਹਾਇਤਾ ਦੇ ਨਾਲ ਖਾਣਾ ਵੀ ਬਿਲਕੁਲ ਮੁਫਤ ਦਿੱਤਾ ਜਾਂਦਾ ਹੈ ਅਤੇ 2 ਤੋਂ 6 ਮਹੀਨੇ ਤੱਕ ਵਿਅਕਤੀ ਇੱਥੇ ਰਹਿ ਸਕਦਾ ਹੈ, ਜਿੱਥੇ ਕੇ ਮਾਹਿਰ ਕੌਂਸਲਰਾਂ ਵਲੋਂ ਉਨ੍ਹਾ ਦੀ ਰੋਜਾਨਾ ਕਾਊਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਨਸ਼ਾ ਨਾ ਕਰਨ।ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਨਸ਼ਾ ਰੋਗੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਮੌਕੇ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਕਿੰਨ੍ਹਾ ਵੀ ਨਸ਼ਾ ਕਰਦਾ ਹੋਵੇ,ਬਿਨਾ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ।
ਇਸ ਮੌਕੇ ਡਾ ਸੁਨੀਲ ਬਾਂਸਲ ਸੀਨੀਅਰ ਮੈਡੀਕਲ ਅਫਸਰ ਇੰਚ ਸਿਵਲ ਹਸਪਤਾਲ ਮਲੋਟ ਨੇ ਕਿਹਾ ਕਿ ਸਿਵਲ ਹਸਪਤਾਲ ਮਲੋਟ ਵਿਖੇ ਨਸ਼ਾ ਪੀੜਤ ਵਿਅਕਤੀਆਂ ਦਾ ਦਾਖਲ ਕਰਕੇ ਬਿਲਕੁਲ ਮੁਫਤ ਅਤੇ ਬਿਨ੍ਹਾ ਤਕਲੀਫ ਤੋਂ ਨਸ਼ਾ ਛੁਡਵਾਇਆ ਜਾਂਦਾ ਹੈ ਅਤੇ ਉਸ ਨੂੰ ਹਸਪਤਾਲ ਵਿਚ ਕੋਈ ਵੀ ਮੁਸ਼ਕਲ ਪੇਸ਼ ਨਹੀ ਆਉਣ ਦਿੱਤੀ ਜਾਂਦੀ।
ਇਸ ਮੌਕੇ ਡਾ. ਰਾਹੁਲ ਜਿੰਦਲ ਮਨੋਰੋਗ ਮਾਹਿਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਪੀੜਤ ਵਿਅਕਤੀਆਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿਚ ਲਿਆ ਕੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਉਠਾਉਣ।
ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਆਪਣੀਆਂ ਰੋਜਾਨਾ ਦੀਆਂ ਜਿੰਮੇਵਾਰੀਆਂ ਕਾਰਨ ਹਸਪਤਾਲਾਂ ਵਿਚ ਦਾਖਲ ਹੋ ਕੇ ਨਸ਼ਾ ਨਹੀ ਛੱਡ ਸਕਦੇ ਉਨ੍ਹਾ ਲਈ ਸਿਹਤ ਵਿਭਾਗ ਵਲੋਂ ਜਿਲ੍ਹੇ ਵਿਚ 19 ਓਟ ਸੈਂਟਰ ਖੋਲੇ ਗਏ ਹਨ ਜਿੱਥੇ ਕੇ ਨਸ਼ਾ ਪੀੜਤ ਵਿਅਕਤੀਆਂ ਨੂੰ ਬਿਨਾ ਦਾਖਲ ਕੀਤੇ ਨਸ਼ਾ ਛੱਡਣ ਲਈ ਮੁਫਤ ਦਵਾਈ ਦਿੱਤੀ ਜਾਂਦੀ ਹੈ।
ਇਸ ਮੌਕੇ ਡਾ. ਰਛਮੀ ਚਾਵਲਾ ਐਸ.ਐਮ.ਓ. ਮਨੋਰੋਗ ਮਾਹਿਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਪਰੇਮਦੀਪ ਸਿੰਘ,ਸ਼੍ਰੀਮਤੀ ਨਵਨੀਤ ਕੌਰ ਕਾਉਂਸਲਰ ਹਾਜ਼ਰ ਸਨ।